ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

* ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖਣ ਦਾ ਐਲਾਨ
* 6 ਜਨਵਰੀ ਨੂੰ ਲਗਾਏ ਗਏ ਕੈਂਪਾਂ ਵਿੱਚ 31 ਹਜ਼ਾਰ ਤੋਂ ਵੱਧ ਕੇਸ ਹੱਲ ਕੀਤੇ ਗਏ

ਚੰਡੀਗੜ੍ਹ, 7 ਜਨਵਰੀ

ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਨਵੇਂ ਯੁੱਗ ਦੀ ਸ਼ੁਰੂਆਤ’ ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਹੋਰ ਖ਼ਬਰਾਂ :-  ਟੀ-20 ਵਿਸ਼ਵ ਕੱਪ 2024 : ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤ ਦੂਜੀ ਵਾਰ ਆਪਣੇ ਨਾਂ ਕੀਤਾ ਖ਼ਿਤਾਬ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *