ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi Liquor Scam Case) ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ (Delhi Excise Policy) ਨਾਲ ਜੁੜੇ ਮਨੀ ਲਾਂਡਰਿੰਗ (Money Laundering) ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਈਡੀ (ED) ਨੇ ਮਨੀ ਲਾਂਡਰਿੰਗ ਮਾਮਲੇ ‘ਚ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਕਿਉਂਕਿ ਉਹ ਸੀਬੀਆਈ ਕੇਸ (CBI Case) ਵਿੱਚ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹਨ। ਜੇਲ ਤੋਂ ਬਾਹਰ ਆਉਣ ਲਈ ਉਹਨਾਂ ਨੂੰ ਉਸ ਕੇਸ ਵਿਚ ਵੀ ਜ਼ਮਾਨਤ ਲੈਣੀ ਪਵੇਗੀ।
ਦਰਅਸਲ, ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਅੱਜ ਇਸ ‘ਤੇ ਆਪਣਾ ਫੈਸਲਾ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਫੈਸਲਾ ਸੁਣਾਏ ਜਾਣ ਸਮੇਂ ਅਰਵਿੰਦ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ (ED) ਦੇ ਵਕੀਲ ਐਸਜੀ ਤੁਸ਼ਾਰ ਮਹਿਤਾ ਅਦਾਲਤ ਵਿੱਚ ਮੌਜੂਦ ਸਨ। ਇਸ ਦੌਰਾਨ ਸੁਪਰੀਮ ਕੋਰਟ ਨੇ ਤਿੰਨ ਸਵਾਲਾਂ ਦਾ ਫੈਸਲਾ ਕੀਤਾ। ਹਾਲਾਂਕਿ ਸੁਪਰੀਮ ਕੋਰਟ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਇਹ ਫੈਸਲਾ ਦਿੱਤਾ ਹੈ। ਬੈਂਚ ਨੇ 17 ਮਈ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।