ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁੱਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।ਬਾਬਾ ਤਰਸੇਮ ਸਿੰਘ ਜੀ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ।
ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ, ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਸਵੇਰੇ 6.15 ਤੋਂ 6.30 ਵਜੇ ਦੇ ਵਿਚਕਾਰ ਦੋ ਨਕਾਬਪੋਸ਼ ਬਦਮਾਸ਼ ਨਾਨਕਮੱਤਾ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਦਿੱਤੀ। ਇਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ,ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਤਲ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।