ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ: ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਵਜ਼ਾਰਤ ਵਿੱਚ ਸ਼ਾਮਲ ਕਰਨ ਲਈ ਤਜਵੀਜ਼ ਕੀਤੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਹੈ।