ਭਗਵੰਤ ਮਾਨ ਸਰਕਾਰ ਵੱਲੋਂ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

Bhagwant Mann government will soon recruit master cadre teachers: Harjot Singh Bains

ਚੰਡੀਗੜ੍ਹ, 20 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।

ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”

ਹੋਰ ਖ਼ਬਰਾਂ :-  ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”

ਸੂਬੇ ਦੀ ਪ੍ਰਮੁੱਖ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ ‘ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

———

 

Leave a Reply

Your email address will not be published. Required fields are marked *