ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ ਯੋਗਦਾਨ ਪਾਇਆ। ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਤਿਗੁਰੂ ਉਦੈ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।
ਕੂਕਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ, ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਬਹਾਦਰ ਕ੍ਰਾਂਤੀਕਾਰੀ ਪੈਦਾ ਕੀਤੇ, ਜਿਨ੍ਹਾਂ ਅੰਗਰੇਜ਼ਾਂ ਦੇ ਖਿਲਾਫ ਹੌਸਲੇ ਨਾਲ ਲੜਾਈ ਲੜੀ ਅਤੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਤੋਪਾਂ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਿਖੇ 66 ਨਾਮਧਾਰੀ ਸਿੰਘਾਂ ਨੂੰ ਅੰਗਰੇਜਾਂ ਨੇ ਤੋਪਾਂ ਨਾਲ ਉਡਾਇਆਂ ਅਤੇ ਲੁਧਿਆਣਾ, ਰਾਏਕੋਟ ਅਤੇ ਅੰਮ੍ਰਿਤਸਰ ਵਿਖੇ ਕਈ ਨਾਮਧਾਰੀ ਸਿੰਘਾਂ ਨੂੰ ਸ਼ਰੇਆਮ ਫਾਂਸੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਅਜਾਦੀ ਦੀ ਲੜਾਈ ਦੌਰਾਨ ਨਾਮਧਾਰੀ ਸਿੰਘਾਂ ਨੇ ਵੀ ਬਹੁਤ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾਂ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ।
ਸ੍ਰੀ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨਿੱਜੀ ਤੌਰ ‘ਤੇ ਸਤਿਗੁਰੂ ਰਾਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਆਉਣਾ ਚਾਹੁੰਦੇ ਸਨ ਪਰ ਕੁਝ ਮਜ਼ਬੂਰੀਆਂ ਕਾਰਨ ਉਹ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।
ਇਸ ਮੌਕੇ ਸਤਿਗੁਰੂ ਉਦੈ ਸਿੰਘ ਨੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਐਚ.ਐਸ.ਹੰਸਪਾਲ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸੁਰਿੰਦਰ ਸਿੰਘ ਨਾਮਧਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਹਾਜ਼ਰ ਸੀ।