ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ

Birthday of Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ।


ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖ਼ਬਰਾਂ :-  1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।


ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ ‘ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |

Leave a Reply

Your email address will not be published. Required fields are marked *