ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਗੱਜੂਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।ਇਸ ਮੌਕੇ ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ।
ਗੁਰਧਾਮਾਂ ਦੀ ਯਾਤਰਾ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ ‘ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।ਇਸ ਮੌਕੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਹਰਜੋਤ ਸਿੰਘ, ਜਗਬੀਰ ਸਿੰਘ, ਨਿਰਭੈ ਸਿੰਘ, ਰਵਦੀਪ ਸਿੰਘ, ਅਵਤਾਰ ਸਿੰਘ, ਜਗਮੇਲ ਸਿੰਘ, ਗੁਰਧਿਆਨ ਸਿੰਘ, ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।