ਸ੍ਰੀ ਅਨੰਦਪੁਰ ਸਾਹਿਬ 18 ਅਕਤੂਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਗੱਜਪੁਰ ਬੇਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਪਿੰਡ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਬਿਹਤਰ ਮੌਕੇ ਮਿਲਣਗੇ। ਇਸ ਖੇਡ ਮੈਦਾਨ ਵਿੱਚ ਬਾਸਕਟਬਾਲ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਧਰਮਸ਼ਾਲਾ ਦੇ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਵਿਕਾਸ ਲਈ ਵੀ ਕੰਮ ਕਰਵਾਏ ਗਏ ਹਨ। ਪਿੰਡ ਵਿੱਚ ਐੱਸ.ਸੀ. ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ 4 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲ ਲਈ ਦੋ ਆਰ.ਓ. ਵਾਟਰ ਕੂਲਰ ਵੀ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮੁੱਖ ਮੰਤਰੀ ਖੇਡ ਮੈਦਾਨ ਰਾਹੀਂ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਖੇਡਾਂ ਲਈ ਢੁੱਕਵਾਂ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਵਧਣ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਵਰਗੀਆਂ ਸਹੂਲਤਾਂ ਵਿੱਚ ਸੁਧਾਰ ਕਰਨਾ ਵੀ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਧਰਮਸ਼ਾਲਾ ਪਿੰਡ ਵਾਸੀਆਂ ਲਈ ਸਾਂਝੀ ਥਾਂ ਹੁੰਦੀ ਹੈ, ਜਿੱਥੇ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਹਨ। ਇਸ ਦੇ ਨਵੀਨੀਕਰਨ ਨਾਲ ਲੋਕਾਂ ਨੂੰ ਬਿਹਤਰ ਸਹੂਲਤ ਮਿਲੇਗੀ। ਇਸੇ ਤਰ੍ਹਾਂ ਐੱਸ.ਸੀ. ਧਰਮਸ਼ਾਲਾ ਲਈ ਦਿੱਤੀ ਗਈ ਰਾਸ਼ੀ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ ਕਰਵਾਏ ਗਏ ਕੰਮ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ। ਸਕੂਲ ਲਈ ਦੋ ਆਰ.ਓ. ਵਾਟਰ ਕੂਲਰ ਮੁਹੱਈਆ ਕਰਵਾਉਣ ਬਾਰੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਾਫ਼ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਪੰਜਾਬ ਐੱਸ.ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਕਮਿਕਰ ਸਿੰਘ ਡਾਢੀ, ਟ੍ਰੇਡ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਟਰੱਕ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ਲੋਚੀ, ਪਿੰਡ ਗੱਜਪੁਰ ਬੇਲਾ ਦੇ ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਕਰਮ ਸਿੰਘ, ਸੁਖਚੈਨ ਸਿੰਘ, ਜਗਤਾਰ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਗੁਰਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।