ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਜ਼ਿਲ੍ਹਾ ਦੇ ਦੂਰ-ਦੁਰਾਡੇ ਵਾਲੇ ਪਿੰਡਾਂ ਵਿੱਚ ਪਹੁੰਚ ਵਧਾਉਣ ਦੇ ਮਿਸ਼ਨ ਤਹਿਤ ਪਿੰਡ ਜਲਾਲ ਵਿਖੇ ਫ਼ਸਲਾਂ ਉੱਪਰ ਮੌਸਮੀ ਤਬਦੀਲੀ ਦੇ ਪ੍ਰਭਾਵ ਤੋਂ ਬਚਾਅ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਡਾਇਰੈਕਟਰ, ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਗੁਰਦੀਪ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤਕਨੀਕਾਂ ਅਪਨਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਨਾਲ ਜਿੱਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਉੱਥੇ ਲਗਾਤਾਰ ਪਰਾਲੀ ਪ੍ਰਬੰਧਨ ਨਾਲ ਖਾਦਾਂ ਦੀ ਵਰਤੋਂ ਤੇ ਖ਼ਰਚ ਵੀ ਘਟਾਇਆ ਜਾ ਸਕਦਾ ਹੈ। ਸਰਫੇਸ ਸੀਡਰ ਜਾਂ ਹੈਪੀ ਸੀਡਰ ਤਕਨੀਕਾਂ ਰਾਂਹੀ ਕਣਕ ਦੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ ਅਤੇ ਬਿਜਾਈ ਤੇ ਖ਼ਰਚ ਘੱਟਣ ਦੇ ਨਾਲ-ਨਾਲ ਪਾਣੀ ਦੀ ਬੱਚਤ ਵੀ ਹੁੰਦੀ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਉੱਪਰ ਮੌਸਮੀ ਤਬਦੀਲੀਆਂ ਦਾ ਅਸਰ ਵੀ ਘੱਟ ਹੁੰਦਾ ਹੈ।
ਇਸ ਮੌਕੇ ਪ੍ਰੋ: (ਪਸਾਰ ਸਿੱਖਿਆ) ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸਰਫੇਸ ਸੀਡਰ ਤਕਨੀਕ ਅਪਣਾਉਣ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨੂੰ ਕਿਸਾਨਾਂ ਵੱਲੋਂ ਵੱਧ ਤੋਂ ਵੱਧ ਰਕਬੇ ਤੇ ਅਪਣਾਉਣਾ ਚਾਹੀਦਾ ਹੈ। ਇਸ ਤਕਨੀਕ ਨਾਲ ਸਿਰਫ਼ 700/- ਰੁਪਏ ਵਿੱਚ ਇੱਕ ਏਕੜ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੌਰਾਨ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ 126 ਅਤੇ ਪੀ.ਆਰ 131 ਆਦਿ ਅਪਨਾਉਣ ਦੀ ਸਲਾਹ ਦਿੱਤੀ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ।
ਕੈਂਪ ਦੌਰਾਨ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਾਰਚ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਭਰਪੂਰ ਸ਼ਮੂਲੀਅਤ ਕਰਨ ਲਈ ਸੱਦਾ ਵੀ ਦਿੱਤਾ ਗਿਆ।
ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਸਰਵਪ੍ਰਿਆ ਸਿੰਘ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗਰਮੀ ਰੁੱਤ ਦੀਆਂ ਸ਼ਬਜੀਆਂ ਦੀਆਂ ਕਿੱਟਾਂ ਦੀ ਵੇਚ ਵੀ ਕੀਤੀ ਗਈ। ਇਸ ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।