ਕੀਰਤਪੁਰ ਸਾਹਿਬ 06 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਲੋੜਵੰਦ ਪਰਿਵਾਰ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਸਿਵਲ ਸਰਜਨ ਰੂਪਨਗਰ ਡਾ.ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ.ਅਨੰਦ ਘਈ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐੱਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਪਿੰਡ-ਪਿੰਡ ਜਾ ਕੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਨ੍ਹਾਂ ਕੈਂਪਾਂ ਦੌਰਾਨ ਯੋਗ ਪਰਿਵਾਰਾਂ ਦੇ ਕਾਰਡ ਤਿਆਰ ਕੀਤੇ ਗਏ ਅਤੇ ਹੁਣ ਆਸ਼ਾ ਵਰਕਰਾਂ ਵੱਲੋਂ ਇਹ ਕਾਰਡ ਸਬੰਧਤ ਪਰਿਵਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਵੰਡਣ ਦੇ ਨਾਲ-ਨਾਲ ਸਬੰਧਤ ਪਰਿਵਾਰਾਂ ਦੀ ਜਾਣਕਾਰੀ ਆਨਲਾਈਨ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਧਾਰਕ ਸਰਕਾਰੀ ਜਾਂ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਯੋਗ ਇਲਾਜ ਦੀ ਮੁਫਤ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀ.ਐੱਚ.ਸੀ. ਕੀਰਤਪੁਰ ਸਾਹਿਬ ਅਧੀਨ ਇਸ ਸਬੰਧੀ ਕਾਰਡ ਬਣਾਉਣ ਅਤੇ ਵੰਡਣ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ, ਉਹ ਆਪਣੇ ਕਾਰਡ ਸਬੰਧੀ ਜਾਣਕਾਰੀ ਅਤੇ ਲਾਭਾਂ ਨੂੰ ਸਮਝਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰਨ।
ਐੱਸ.ਐੱਮ.ਓ. ਡਾ.ਅਨੰਦ ਘਈ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਲਈ ਘਰ-ਘਰ ਕਾਰਡ ਵੰਡਣ ਦੀ ਪ੍ਰਕਿਰਿਆ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਸਬੰਧੀ ਵਧੇਰੇ ਜਾਣਕਾਰੀ ਲਈ ਨੇੜਲੇ ਸਿਹਤ ਕੇਂਦਰ ਜਾਂ ਸਿਹਤ ਵਿਭਾਗ ਨਾਲ ਸੰਪਰਕ ਕਰਨ।