ਫ਼ਰੀਦਕੋਟ, 22 ਨਵੰਬਰ – ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥ ‘ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨ ਪਾਲ ਸਿੱਧੂ ਅਤੇ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ, ਜਸਵਿੰਦਰ ਮਨਚੰਦਾ, ਅਮਨਦੀਪ ਸਿੰਘ ਵਿੱਕੀ, ਹਰਜੀਤ ਸਿੰਘ, ਜਸਵਿੰਦਰ ਸਿੰਘ ਸੇਖੋਂ, ਮਿੰਟੂ, ਯੁਵਰਾਜ, ਸਿਹਤ ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀ ਹਾਜਰ ਸਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਲੱਗਭਗ 56000 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਲਈ 332 ਪੋਲੀਓ ਬੂਥ, 11 ਮੋਬਾਈਲ ਟੀਮਾਂ ਅਤੇ 17 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਏ.ਐਨ.ਐਮਜ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਵੱਲੋਂ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਲੱਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਪੋਲੀਓ ਮੁਕਤ ਸਮਾਜ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਿਸੇ ਕਾਰਨ ਅੱਜ ਪੋਲੀਓ ਰੋਧਕ ਬੂੰਦਾਂ ਨਹੀਂ ਪਿਲਾਈਆਂ ਜਾ ਸਕੀਆਂ, ਉਨ੍ਹਾਂ ਨੂੰ 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਹਾਊਸ-ਟੂ-ਹਾਊਸ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਪੰਜ ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਵੀ ਆਪਣੇ-ਆਪਣੇ ਬਲਾਕਾਂ ਵਿੱਚ ਪੋਲੀਓ ਮੁਹਿੰਮ ਦੀ ਨਿਗਰਾਨੀ ਕਰਦਿਆਂ ਟੀਮਾਂ ਦੀ ਸੁਪਰਵੀਜ਼ਨ ਕੀਤੀ ਗਈ।