ਬਰਨਾਲਾ, 11 ਨਵੰਬਰ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਅੱਜ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਉਹਨਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਵੈ ਗਣਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।