ਮਾਲੇਰਕੋਟਲਾ, 6 ਨਵੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਕਾਰਜਪ੍ਰਣਾਲੀ ਅਤੇ ਰਿਕਾਰਡ ਦੀ ਜਾਂਚ ਕਰਨ ਲਈ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਸਿਹਤ ਵਿਭਾਗ ਦੀ ਟੀਮ ਸਮੇਤ ਵੱਖ-ਵੱਖ ਸਕੈਨ ਸੈਂਟਰਾਂ ਦਾ ਨਿਰੀਖਣ ਕੀਤਾ ਗਿਆ।
ਇਸ ਨਿਰੀਖਣ ਦੌਰਾਨ ਸਿਵਲ ਸਰਜਨ ਨੇ ਸਕੈਨ ਸੈਂਟਰਾਂ ਵਿੱਚ ਰੱਖੇ ਜਾਣ ਵਾਲੇ ਲੋੜੀਂਦੇ ਰਿਕਾਰਡ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਲਾਗੂ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਸਾਰੇ ਲੋੜੀਂਦੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਸਹੀ ਢੰਗ ਨਾਲ ਸੰਭਾਲ ਕੇ ਰੱਖਿਆ ਜਾਵੇ।
ਡਾ. ਅਮਨ ਸੂਦ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਸਕੈਨ ਸੈਂਟਰ ਵੱਲੋਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਬੰਧਤ ਸੈਂਟਰ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜਿਹੇ ਨਿਰੀਖਣ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸਿਹਤ ਕੌਂਸਲਰ ਗੁਰਪ੍ਰੀਤ ਸਿੰਘ ਵਾਲੀਆ, ਸੀਨੀਅਰ ਫਾਰਮੇਸੀ ਅਫ਼ਸਰ ਯਾਸੀਨ ਮੁਹੰਮਦ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।
ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ