ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ।


ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।


ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ।

ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ।

ਹੋਰ ਖ਼ਬਰਾਂ :-  ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ


ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।


ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ।

Leave a Reply

Your email address will not be published. Required fields are marked *