ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ।


ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ  ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ।

ਹੋਰ ਖ਼ਬਰਾਂ :-  ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

Leave a Reply

Your email address will not be published. Required fields are marked *