ਮਹਿੰਦਪੁਰ (ਰੋਪੜ), 15 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ ਵਰਗ ਦਾ ਭਵਿੱਖ ਤਬਾਹ ਕਰ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਇਨ੍ਹਾਂ ਨੂੰ ਸਭ ਤੋਂ ਵੱਧ ਖੱਜਲ ਖੁਆਰ ਕੀਤਾ।
ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦਿਆਂ, “ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਇਨ੍ਹਾਂ ਅਖੌਤੀ ਆਗੂਆਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਹੜੱਪ ਕੇ ਆਪਣੇ ਹੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਹੀ ਲੋਕਾਂ ਨੂੰ ਉਨ੍ਹਾਂ ਦਾ ਭਲਾ ਕਰਨ ਦੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕੀਤਾ ਹੈ ਜਦਕਿ ਇਨ੍ਹਾਂ ਨੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਸੰਵਾਰਨ ਲਈ ਇੱਕ ਵੀ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਆਗੂ ਸਿਆਸੀ ਖੇਤਰ ਵਿੱਚ ਖੁਦ ਅੱਗੇ ਵਧਣ ਲਈ ਗਰੀਬ ਲੋਕਾਂ ਨੂੰ ਵੋਟ ਬੈਂਕ ਵਾਂਗ ਵਰਤਦੇ ਹਨ ਅਤੇ ਸੱਤਾ ਵਿਚ ਆਉਣ ਉਤੇ ਲੋਕਾਂ ਦਾ ਪੈਸਾ ਲੁੱਟ ਕੇ ਵੱਡੀ ਜਾਇਦਾਦ ਇਕੱਠੀ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇ ਗਰੀਬੀ ਦੂਰ ਕਰਨ ਦੇ ਨਾਂ ‘ਤੇ ਵੋਟਾਂ ਹਾਸਲ ਕੀਤੀਆਂ ਪਰ 75 ਸਾਲਾਂ ਬਾਅਦ ਵੀ ਗੁਰਬਤ ਦੀ ਅਲਾਮਤ ਸੂਬੇ ਅਤੇ ਲੋਕਾਂ ਦੀ ਤਰੱਕੀ ਨੂੰ ਖ਼ਤਰੇ ‘ਚ ਪਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਨਾਲ ਲਿਪਤ ਸਨ ਅਤੇ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਜਨਤਾ ਦਾ ਪੈਸਾ ਲੁੱਟਿਆ। ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਇਕ ਸਾਬਕਾ ਮੰਤਰੀ ਦੇ ਘਰੋਂ ਧਨ-ਦੌਲਤ ਬਰਾਮਦ ਹੋਣ ਦੇ ਨਾਲ-ਨਾਲ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਮਿਲਣ ਨਾਲ ਸਪੱਸ਼ਟ ਹੋ ਜਾਂਦਾ ਹੈ ਕਿ ਇਨ੍ਹਾਂ ਆਗੂਆਂ ਨੇ ਕਿੰਨੀ ਬੇਰਹਿਮੀ ਨਾਲ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਹਾਲਾਂਕਿ, ਭਗਵੰਤ ਮਾਨ ਨੇ ਪ੍ਰਣ ਕਰਦਿਆਂ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਹਰ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਲੋਕ ਪੱਖੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਲੋਕ ਲਾਭ ਪ੍ਰਾਪਤ ਕਰਦੇ ਸਨ ਅਤੇ ਹੱਕਦਾਰ ਨੂੰ ਛੱਡ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਸਿਰਫ਼ ਲੋੜਵੰਦ ਲੋਕਾਂ ਨੂੰ ਹੀ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਾਈਵੇਟ ਕੰਪਨੀਆਂ ਨੂੰ ਫਾਇਦੇ ਪਹੁੰਚਾਉਣ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੱਡੇ ਨਿੱਜੀ ਹਸਪਤਾਲਾਂ ਅਤੇ ਵਿਦਿਅਕ ਅਦਾਰਿਆਂ ਲਈ ਰੋਹ ਖੋਲ੍ਹਣ ਵਾਸਤੇ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਲੋਕਾਂ ਨੇ ਇਸ ਲੁੱਟ ਵਿੱਚ ਹਿੱਸਾਪੱਤੀ ਪੁਆ ਕੇ ਸਰਕਾਰ ਨਾਲ ਮਿਲੀਭੁਗਤ ਕੀਤੀ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਵਿੱਚ ਜਨਤਕ ਖੇਤਰ ਦੇ ਅਦਾਰਿਆਂ ’ਚ ਨਿੱਜੀ ਟਰਾਂਸਪੋਰਟਰਾਂ ਦਾ ਦਬਦਬਾ ਸੀ, ਜਿਸ ਕਾਰਨ ਆਮ ਆਦਮੀ ਦੀ ਖੱਜਲ-ਖੁਆਰੀ ਹੁੰਦੀ ਰਹੀ।
ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਨ੍ਹਾਂ ਆਗੂਆਂ ਦੀ ਜਗੀਰੂ ਮਾਨਸਿਕਤਾ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਰਕਾਰ ਆਮ ਆਦਮੀ ਦੀ ਭਲਾਈ ਲਈ ਇਮਾਨਦਾਰੀ ਨਾਲ ਕਿਉਂ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਉਤੇ ਤਨਜ਼ ਕੱਸਦਿਆਂ ਕਿਹਾ, “ਜਿਹੜਾ ਵਿਅਕਤੀ ਖੁਦ ਦੁਪਹਿਰੇ 12 ਵਜੇ ਉਠਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫਾਇਦੇ ਨੂੰ ਨਹੀਂ ਸਮਝ ਸਕਦਾ। ਇਨ੍ਹਾਂ ਆਗੂਆਂ ਨੂੰ ਅਜਿਹੀ ਲੋਕ ਵਿਰੋਧੀ ਮਾਨਸਿਕਤਾ ਕਰਕੇ ਹੀ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੀ ਭਲਾਈ ਲਈ ਹੁੰਦਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਦੇ ਨਤੀਜੇ ਵਜੋਂ 80 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ 9000 ਏਕੜ ਤੋਂ ਵੱਧ ਜ਼ਮੀਨ ਨੂੰ ਰਸੂਖਦਾਰ ਲੋਕਾਂ ਦੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਮਿਲੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 28,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਇਸ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਸਿੱਖਿਆ ਦਾ ਪਾਸਾਰ ਕਰਕੇ ਆਮ ਆਦਮੀ ਲਈ ਵੱਧ ਅਧਿਕਾਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜੀਨੀਅਰਿੰਗ, ਕਾਨੂੰਨ, ਕਾਮਰਸ, ਯੂ.ਪੀ.ਐਸ.ਸੀ ਅਤੇ ਐਨ.ਡੀ.ਏ ਸਮੇਤ ਪੰਜ ਪੇਸ਼ੇਵਰ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਨੌਜਵਾਨਾਂ ਨੂੰ ਵਿਸ਼ਵ ਦੇ ਦੂਜੇ ਹਿੱਸਿਆਂ ਵਿੱਚ ਪੜ੍ਹੇ ਆਪਣੇ ਹਮਰੁਤਬਾ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੌਜੂਦਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ‘ਫਸਲਾਂ ਅਜੇ ਵੀ ਖੇਤਾਂ ਵਿੱਚ ਖੜ੍ਹੀਆਂ ਹਨ ਪਰ ਮੁਆਵਜ਼ਾ ਰਾਸ਼ੀ ਬੈਂਕ ਖਾਤਿਆਂ ਵਿੱਚ ਹੈ’। ਉਨ੍ਹਾਂ ਕਿਹਾ ਕਿ ਖਰਾਬੇ ਦੇ 20 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਦੀ ਕਦੇ ਪ੍ਰਵਾਹ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ 13 ਅਪ੍ਰੈਲ ਨੂੰ 40 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਸੀ ਜਦਕਿ ਸ਼ੁੱਕਰਵਾਰ ਨੂੰ 30 ਕਰੋੜ ਰੁਪਏ ਕਿਸਾਨਾਂ ਨੂੰ ਵੰਡੇ ਗਏ ਸਨ ਅਤੇ ਇਹ ਪ੍ਰਕਿਰਿਆ ਹਰ ਰੋਜ਼ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆਂ ਨੂੰ ਮਾਨਵਤਾ ਦਾ ਮਾਰਗ ਦਿਖਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪਾਵਨ ਬਾਣੀ ਸਮਾਜ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਦੇਸ਼ ਭਰ ਤੋਂ ਕਈ ਧਾਰਮਿਕ ਆਗੂਆਂ ਦਰਮਿਆਨ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਨੇ ਇਸ ਪਵਿੱਤਰ ਧਰਤੀ ਤੋਂ ਹਮੇਸ਼ਾ ਹੀ ਮਨੁੱਖਤਾ ਅਤੇ ਪ੍ਰਮਾਤਮਾ ਦੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਵੱਖ-ਵੱਖ ਉਪਰਾਲਿਆਂ ਰਾਹੀਂ ਸਮਾਜ ਦੀ ਸੇਵਾ ਕਰਨ ਵਾਲੇ ਧਾਰਮਿਕ ਆਗੂਆਂ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਮਾਗਮ ਤੋਂ ਬਾਅਦ ਮੁੱਖ ਮੰਤਰੀ ਨੇ ਸੰਤਾਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਵਿਧਾਇਕ ਦਿਨੇਸ਼ ਚੱਢਾ ਆਦਿ ਹਾਜ਼ਰ ਸਨ।