ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ।

ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਅਤੇ ਐਚਡੀਐਫਸੀ ਬੈਂਕ ਵੱਲੋਂ ਇਕ ਕਰੋੜ ਰੁਪਏ ਦੇ ਜੀਵਨ ਬੀਮਾ ਸਮੇਤ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਨੇ 18 ਮਾਰਚ 2023 ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਏ.ਐੱਸ.ਆਈ. ਕੁਲਦੀਪ ਸਿੰਘ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਪੂਰਥਲਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਫੌਤ ਹੋਏ ਏ.ਐਸ.ਆਈ. ਮਲਕੀਤ ਸਿੰਘ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੇ ਜੀਵਨ ਬੀਮਾ ਦਾ ਚੈੱਕ ਵੀ ਸੌਂਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਨੂੰ ਸਿਜਦਾ ਕਰਨ ਲਈ ਹੈ।

ਹੋਰ ਖ਼ਬਰਾਂ :-  ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੋਸ਼ਿਸ਼ ਇਕ ਪਾਸੇ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ।   

Leave a Reply

Your email address will not be published. Required fields are marked *