ਮੁੱਖ ਮੰਤਰੀ, ਪੰਜਾਬ ਨੇ ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।

ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ।

ਹੋਰ ਖ਼ਬਰਾਂ :-  ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਇਸ ਦੌਰਾਨ ਮਨੂ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਉਸ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।

Leave a Reply

Your email address will not be published. Required fields are marked *