ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਾਜਪੁਰ ਰੋਡ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਤਾਜਪੁਰ ਰੋਡ ‘ਤੇ ਪ੍ਰਸਤਾਵਿਤ ਸਕੂਲ ਲਈ ਵਿਦਿਆਰਥੀਆਂ ਦੀ ਗਿਣਤੀ, ਲੋੜੀਂਦੀਆਂ ਜਮਾਤਾਂ, ਸਟਾਫ਼, ਲੈਬਾਰਟਰੀਆਂ, ਖੇਡ ਮੈਦਾਨਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਅਨੁਮਾਨ ਲਗਾਉਣ ਲਈ ਸਰਵੇਖਣ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ. ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਸਿੱਖਿਆ ਵਿਭਾਗ ਦੁਆਰਾ ਮੁਹੱਈਆ ਕਰਵਾਈਆਂ ਗਈਆਂ ਨਵੀਆਂ ਜ਼ਰੂਰਤਾਂ ਦੇ ਅਧਾਰ ‘ਤੇ ਸਕੂਲ ਲਈ ਆਪਣੇ ਅਨੁਮਾਨਾਂ ਅਤੇ ਡਿਜ਼ਾਈਨ ਨੂੰ ਸੋਧਣ ਲਈ ਵੀ ਨਿਰਦੇਸ਼ ਦਿੱਤੇ। ਦੱਸਿਆ ਗਿਆ ਕਿ ਲੋਕ ਨਿਰਮਾਣ ਵਿਭਾਗ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਸਕੂਲ ਦੀ ਪ੍ਰਸਤਾਵਿਤ ਜਗ੍ਹਾ ‘ਤੇ ਚਾਰਦੀਵਾਰੀ ਦੀ ਉਸਾਰੀ ਦਾ ਕੰਮ ਵੀ ਪੂਰਾ ਕਰ ਲਿਆ ਹੈ।
ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਸਕੂਲ ਵਾਲੀ ਥਾਂ ਦੇ ਨੇੜੇ ਹਾਈ ਟੈਂਸ਼ਨ ਤਾਰਾਂ ਦੇ ਕਰਾਸਿੰਗ ਬਾਰੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੀ.ਐਸ.ਪੀ.ਸੀ.ਐਲ. ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਨੂੰ ਹਟਾਉਣ ਸਮੇਤ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਵਿੱਚ ਇੱਕ ਵਿਆਪਕ ਰਿਪੋਰਟ ਤਿਆਰ ਕਰਕੇ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਅਧਿਕਾਰੀਆਂ ਵੱਲੋਂ ਆਪਣੀ ਰਿਪੋਰਟ ਪੇਸ਼ ਕਰਨ ਤੋਂ ਬਾਅਦ ਅਗਲੀ ਮੀਟਿੰਗ ਤੈਅ ਕੀਤੀ ਜਾਵੇਗੀ।