ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

Deputy Commissioner appeals not to burn stubble and crop residue

ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵਲੋਂ ਪੂਰੀ ਸੁਹਿਰਦਤਾ ਦਿਖਾਉਂਦਿਆਂ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੇ ਮਾਮਲਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਉਂਦਿਆਂ ਵਾਤਾਵਰਣ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਦੇ ਬਚਾਅ ਲਈ ਸ਼ਲਾਘਾਯੋਗ ਸਹਿਯੋਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਸੀਜ਼ਨ ਵਿਚ ਵੀ ਕਿਸਾਨਾਂ ਤੋਂ ਇਹੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵਲੋਂ ਇਸ ਸਬੰਧੀ ਸਮੇਂ-ਸਮੇਂ ’ਤੇ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਾਰਿਆਂ ਦਾ ਮੁੱਢਲਾ ਫਰਜ ਹੈ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲਗਾਤਾਰ ਨਿਗਰਾਨੀ ਅਤੇ ਜਾਗਰੂਕਤਾ ਲਈ 485 ਨੋਡਲ ਅਫ਼ਸਰ ਅਤੇ 125 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।

          ਜਾਗਰੂਕਤਾ ਵੈਨਾਂ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਵੈਨਾਂ ਜ਼ਿਲ੍ਹੇ ਦੇ ਹਰ ਬਲਾਕ, ਹਰ ਪਿੰਡ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਸੁਨੇਹਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ, ਕੋ-ਅਪਰੇਟਿਵ ਸੁਸਾਇਟੀਆਂ, ਪੰਚਾਇਤਾਂ ਅਤੇ ਕਿਸਾਨ ਸਮੂਹਾਂ ਨੂੰ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਖੇਤਾਂ ਵਿਚ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਪਰਾਲੀ ਦੇ ਪ੍ਰਬੰਧਨ ਉਪਰੰਤ ਉਦਯੋਗਿਕ ਇਕਾਈਆਂ ਤੱਕ ਪਹੁੰਚਾਉਣ ਲਈ ਵੀ ਉਦਯੋਗਪਤੀਆਂ ਨਾਲ ਰਾਬਤਾ ਕਰਵਾਇਆ ਜਾ ਚੁੱਕਾ ਹੈ ਜਿਸ ਨਾਲ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲਤ ਵਿਚ ਪਰਾਲੀ ਆਦਿ ਨੂੰ ਖੇਤਾਂ ਵਿਚ ਅੱਗ ਨਾ ਲਾਉਣ ਕਿਉਂਕਿ ਸਾਰੇ ਖੇਤਾਂ ਦੀ 24×7 ਸੈਟਲਲਾਈਟ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਜਿਹੇ ਕਿਸੇ ਵੀ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਵਾਤਾਵਰਣ ਅਤੇ ਮਨੁੱਖੀ ਸਿਹਤ ਦੇ ਹੱਕ ਵਿਚ ਪਹਿਰਾ ਦਿੰਦਿਆਂ ਅਜਿਹੀ ਕਿਸੇ ਵੀ ਕਾਰਵਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਆਦਿ ਦੀ ਜ਼ਰੂਰਤ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਰਾਹੀਂ ਆਪਣੀ ਮੰਗ ਦੇ ਸਕਦਾ ਹੈ ਜਿਸ ’ਤੇ ਢੁਕਵੀਂ ਕਾਰਵਾਈ  ਅਮਲ ਵਿਚ ਲਿਆਂਦੀ ਜਾਵੇਗੀ।

ਹੋਰ ਖ਼ਬਰਾਂ :-  ਸਿਵਲ ਡਿਫੈਂਸ ਵਿਚ ਦਾਖਲੇ ਲਈ ਸਾਬਕਾ ਸੈਨਿਕਾ, ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਤੇ ਨੌਜਵਾਨਾਂ ਭਾਰੀ ਉਤਸ਼ਾਹ ਬੇਹੱਦ ਸ਼ਲਾਘਾਯੋਗ- ਹਰਜੋਤ ਬੈਂਸ

          ਮੁੱਖ ਖੇਤੀਬਾੜੀ ਅਫ਼ਸਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਪੂਰੀ ਜਾਗਰੂਕਤਾ ਅਪਨਾਉਂਦਿਆਂ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ ਗਿਆ ਹੈ ਜਿਸ ਸਦਕਾ ਪਿਛਲੇ ਸਾਲਾਂ ਦੌਰਾਨ ਬਹੁਤ ਹੀ ਘੱਟ ਅਜਿਹੇ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਖੇਤਾਂ ਵਿਚ ਅੱਗ ਲਾਉਣ ਦੇ ਮਾਮਲਿਆਂ ਨੂੰ ਸਿਫ਼ਰ ਰੱਖਣ ਲਈ ਪੂਰੀ ਸਰਗਰਮੀ ਨਾਲ ਯਤਨ ਜਾਰੀ ਹਨ ਅਤੇ ਕਿਸਾਨਾਂ ਵਲੋਂ ਹਮੇਸ਼ਾ ਵਾਂਗ ਸਹਿਯੋਗ ਦਿੱਤਾ ਜਾਵੇਗਾ। 

Leave a Reply

Your email address will not be published. Required fields are marked *