ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਦੇ ਵੀ ਇਸ ਗੱਲ ’ਤੇ ਅਫ਼ਸੋਸ ਜ਼ਾਹਿਰ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ ਹਨ ਅਤੇ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਕੁਝ ਕਰ ਨਹੀਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਹਰਪਾਲ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਦਿਵਿਆਂਗਜਨ ਲਾਭਪਾਤਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਇਨਸਾਨ ਮਾਨਸਿਕ ਤੌਰ ’ਤੇ ਮਜ਼ਬੂਤ ਹੁੰਦਾ ਹੈ ਅਤੇ ਆਪਣੇ ਇਰਾਦਿਆਂ ਨੂੰ ਮਜ਼ਬੂਤ ਰੱਖਦਾ ਹੈ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਸਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ ਅਤੇ ਸਮਾਜ ਵਿੱਚ ਅਜਿਹੀਆਂ ਅਨੇਕਾਂ ਮਿਸਾਲਾਂ ਮੌਜੂਦ ਹਨ ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦਿਆਂ ਸਦਕਾ ਮੁਸੀਬਤਾਂ ਦੇ ਪਹਾੜਾਂ ਨੂੰ ਵੀ ਬੌਣਾ ਕਰ ਦਿਖਾਇਆ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਤੇ ਅਲਿਮਕੋ ਦੇ ਸਹਿਯੋਗ ਨਾਲ ਲਗਵਾਏ ਜਾਣ ਵਾਲੇ ਅਜਿਹੇ ਸਹਾਇਕ ਉਪਕਰਨ ਵੰਡ ਸਮਾਰੋਹ ਵੀ ਉਸੇ ਦਿਸ਼ਾ ਵਿੱਚ ਇੱਕ ਸਾਰਥਕ ਉਪਰਾਲਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਦਸੰਬਰ ਦੌਰਾਨ ਵੀ ਇੱਕ ਵਿਸ਼ੇਸ਼ ਉਪਰਾਲਾ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਿਵਿਆਂਗਜਨ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਨ ਵਿੱਚ ਇਹ ਪ੍ਰਣ ਕਰਨਾ ਹੈ ਕਿ ਜਿੰਦਗੀ ਸਵੈ ਸਮਰੱਥ ਹੋ ਕੇ ਜਿਊਣੀ ਹੈ ਅਤੇ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਕਰਦਿਆਂ ਤਰਸ ਦੇ ਪਾਤਰ ਨਹੀਂ ਬਣਨਾ ਹੈ ਸਗੋਂ ਆਪਣੇ ਮਜ਼ਬੂਤ ਇਰਾਦੇ ਨਾਲ ਇਹ ਸਾਬਤ ਕਰਕੇ ਦਿਖਾਉਣਾ ਹੈ ਕਿ ਅਸੀਂ ਕਿਸੇ ਤੋਂ ਘੱਟ ਨਹੀਂ ਹਾਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਅਧਿਕਾਰੀ ਖੁਦ ਪਹੁੰਚ ਕਰਕੇ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸੀਅਤਾਂ ਵੱਲੋਂ 181 ਦਿਵਿਆਂਗਜਨ ਨੂੰ ਭਾਰਤ ਸਰਕਾਰ ਦੀ ਅਡਿਪ ਯੋਜਨਾ ਦੇ ਤਹਿਤ ਕਰੀਬ 41.09 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਨ ਵੰਡੇ ਗਏ ਜਿਨ੍ਹਾਂ ਵਿੱਚ ਮੋਟਰਾਈਜ਼ਡ ਟਰਾਈਸਾਇਕਲ, ਵ੍ਹੀਲ ਚੇਅਰ, ਟਰਾਈਸਾਇਕਲ, ਸੀ.ਪੀ. ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਰੋਲੇਟਰ, ਕੈਲੀਪਰਜ਼, ਸਮਾਰਟ ਫੋਨ ਆਦਿ ਵੀ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਮੂਹ ਪ੍ਰਮੁੱਖ ਸ਼ਖਸੀਅਤਾਂ ਨੂ ੰਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਵਿਧਾਇਕ ਲਹਿਰਾ ਬਰਿੰਦਰ ਗੋਇਲ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਸਮਾਲ ਸਕੇਲ ਦਲਵੀਰ ਸਿੰਘ ਢਿੱਲੋਂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸ਼ੇਨਾ ਅਗਰਵਾਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਚਰਨਜੀਤ ਸਿੰਘ ਮਾਨ ਐਡੀਸ਼ਨਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਐਸ.ਡੀ.ਐਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਪ੍ਰਧਾਨ ਰਾਹਤ ਫਾਊਂਡੇਸ਼ਨ ਹਰਵਿੰਦਰ ਰਿਸ਼ੀ, ਡਿਪਟੀ ਮੈਨੇਜਰ ਅਲਿਮਕੋ ਇਸ਼ਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਸਮੇਤ ਹੋਰ ਅਧਿਕਾਰੀ, ਆਗੂ ਤੇ ਪਿੰਡ ਵਾਸੀ ਵੀ ਹਾਜ਼ਰ ਸਨ।