ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, 7 ਵਾਹਨਾਂ ਦੇ ਚਲਾਨ ਕੀਤੇ

District administration strict against overloaded vehicles, challans issued for 7 vehicles
ਰੂਪਨਗਰ, 14 ਨਵੰਬਰ: ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਓਵਰਲੋਡ ਵਾਹਨਾਂ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
 
ਇਸੇ ਲੜੀ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਰੂਪਨਗਰ ਸ. ਰਾਜਪਾਲ ਸਿੰਘ ਸੇਖੋਂ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਸ. ਸਰਬਜੀਤ ਸਿੰਘ ਸੈਣੀ ਵੱਲੋਂ ਰੂਪਨਗਰ ਦੇ ਨੇੜਲੇ ਇਲਾਕਿਆਂ ਵਿੱਚ ਸੜਕਾਂ ’ਤੇ ਚੱਲ ਰਹੇ ਟਿੱਪਰਾਂ ਅਤੇ ਹੋਰ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਲਿਜਾਣ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 7 ਵਾਹਨਾਂ ਦੇ ਚਲਾਨ ਕੀਤੇ ਗਏ।
 
ਆਰ.ਟੀ.ਓ. ਸ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਓਵਰਲੋਡ ਵਾਹਨਾਂ ਦੀ ਆਵਾਜਾਈ ਨਾ ਸਿਰਫ਼ ਸੜਕਾਂ ਦੀ ਹਾਲਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੁੰਦੀ ਹੈ। ਇਸ ਲਈ ਵਾਹਨ ਮਾਲਕਾਂ ਅਤੇ ਚਾਲਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਵਾਹਨਾਂ ਵਿੱਚ ਨਿਰਧਾਰਤ ਹੱਦ ਅਨੁਸਾਰ ਹੀ ਮਾਲ ਦੀ ਢੋਆ-ਢੁਆਈ ਕਰਨ ਅਤੇ ਸਾਰੇ ਲੋੜੀਂਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।
 
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀ ਸੁਰੱਖਿਆ, ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕਾਂ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕਾਂ ’ਤੇ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾ ਸਕੇ। 
ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

Leave a Reply

Your email address will not be published. Required fields are marked *