ਚੰਡੀਗੜ੍ਹ, 28 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਈ ਸਿਆਸੀ ਪਾਰਟੀਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ ‘ਤੇ ਇਤਰਾਜ਼ ਉਠਾ ਰਹੀਆਂ ਹਨ, ਜਿਸ ਕਰਕੇ ਸੰਵਿਧਾਨਕ ਸੰਸਥਾ ਵੱਲੋਂ ਇਸ ਮੁੱਦੇ ‘ਤੇ ਪੈਦਾ ਹੋਈ ਉਲਝੀ ਤਾਣੀ ਵਾਲੀ ਸਥਿਤੀ ਨੂੰ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ, ਖਾਸ ਕਰਕੇ ਐਸ.ਆਈ.ਆਰ. ਤੋਂ ਅਜਿਹਾ ਨਹੀਂ ਲੱਗਣਾ ਚਾਹੀਦਾ ਕਿ ਉਹ ਵੋਟ ਚੋਰੀ ਦੇ ਉਦੇਸ਼ ਨਾਲ ਲੋਕਤੰਤਰ ਦੀ ਆਵਾਜ਼ ਨੂੰ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਮੂਕ ਦਰਸ਼ਕ ਬਣਨ ਦੀ ਬਜਾਏ ਵਿਰੋਧੀ ਧਿਰ ਦੇ ਇਤਰਾਜ਼ਾਂ ਵੱਲ ਧਿਆਨ ਦੇ ਕੇ ਇਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਉਹ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਠਾਏ ਜਾ ਰਹੇ ਸਾਰੇ ਮੁੱਦਿਆਂ ਦਾ ਜਵਾਬ ਦੇਵੇ ਤਾਂ ਜੋ ਲੋਕਤੰਤਰ ਵਿੱਚ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇ।
ਮੁੱਖ ਮੰਤਰੀ ਨੇ ਆਗੂਆਂ ਨੂੰ ਸਪੱਸ਼ਟ ਤੌਰ ‘ਤੇ ਪੁੱਛਿਆ ਕਿ ਦਿੱਲੀ ਦਾ ਏ.ਕਿਊ.ਆਈ. ਇੰਨੀ ਦਿਨੀਂ ਏਨਾ ਮਾੜਾ ਕਿਉਂ ਹੈ ਜਦੋਂ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਨਹੀਂ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਅੰਨ ਉਤਪਾਦਕਾਂ ਨੂੰ ਬਿਨਾਂ ਵਜ੍ਹਾ ਤੋਂ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਬਦਲ ਵੀ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕੌਮਾਂਤਰੀ ਪੱਧਰ ‘ਤੇ ਜੰਗਬੰਦੀ ਨੂੰ ਤਾਂ ਯਕੀਨੀ ਬਣਾ ਸਕਦੇ ਹਨ ਪਰ ਕਈ ਸੂਬਿਆਂ ਨਾਲ ਜੁੜੇ ਇਸ ਵੱਡੇ ਮੁੱਦੇ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਹੜ੍ਹਾਂ ਦੇ ਕਹਿਰ ਦੇ ਬਾਵਜੂਦ ਪੰਜਾਬ ਵੱਲੋਂ ਕੌਮੀ ਪੂਲ ਵਿੱਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੇ ਮੱਦੇਨਜ਼ਰ ਵੀ ਕੇਂਦਰ ਨੂੰ ਸੂਬੇ ਦੀ ਕੋਈ ਕਦਰ ਨਹੀਂ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਹ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕੇ ਕਿਉਂਕਿ ਉਹ ਬਿਹਾਰ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸਾਹਮਣੇ ਹੜ੍ਹਾਂ ਦਾ ਮੁੱਦਾ ਉਠਾਉਣ ਦੇ ਨਾਲ ਉਨ੍ਹਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ ਦੇਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਿੱਚ ਰੁੱਝੇ ਹੋਏ ਹਨ, ਫ਼ਿਰ ਵੀ ਉਹ ਚੋਣਾਂ ਵਾਲੇ ਰਾਜ ਵਿੱਚ ਜਾ ਕੇ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ ਤਾਂ ਜੋ ਪੰਜਾਬ ਸੂਬੇ ਦੇ ਅਹਿਮ ਮੁੱਦਿਆਂ ਨੂੰ ਉਨ੍ਹਾਂ ਸਾਹਮਣੇ ਰੱਖਿਆ ਜਾ ਸਕੇ।