ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

*ਕਿਹਾ, ਜੇਲ੍ਹ ਵਿਭਾਗ ਨੂੰ ਹੋਰ ਸੁਧਾਰਨ, ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਜਾਣਗੇ ਕਦਮ*
*ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ*

ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਹੋਰ ਖ਼ਬਰਾਂ :-  ਕੀ ਯੂਪੀ ਵਿੱਚ ਫਲੈਟ ਦੀਆਂ ਕੀਮਤਾਂ ਘਟਣਗੀਆਂ? ਰੇਰਾ ਦਾ ਹੁਕਮ ਹੈ ਕਿ ਫਲੈਟਾਂ ਨੂੰ ਕਾਰਪੇਟ ਨਾਲ ਵੇਚਿਆ ਜਾਵੇ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *