ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

PUNJAB TO KICK START MASS INOCULATION DRIVE AGAINST LUMPY SKIN DISEASE FROM FEBRUARY 25 - Gurmeet Singh Khudian

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਹੋਰ ਖ਼ਬਰਾਂ :-  ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ

ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।

ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *