ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਯਤਨਾਂ ਦਾ ਹਿੱਸਾ ਹੈ ਅਤੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ  ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਾਬ ਵਿਕਰੇਤਾਵਾਂ ਦੇ ਸਥਾਨਾਂ ਦੀ ਲਗਾਤਾਰ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਇਨਟੌਕਸਿਕੈਂਟਸ ਲਾਇਸੈਂਸ ਐਂਡ ਸੇਲਜ਼ ਆਰਡਰ 1956 ਦੇ ਤਹਿਤ ਕਿਸੇ ਵੀ ਲਾਇਸੰਸਧਾਰਕ ਲਈ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਵੇਚਣ ਦੀ ਮਨਾਹੀ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ ‘ਤੇ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਸ਼ਰਾਬ ਵੇਚਣ ਦੇ ਲਾਇਸੈਂਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਮੁਹਿੰਮ ਦੌਰਾਨ ਸਬੰਧਤ ਅਦਾਰਿਆਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਨੌਜਵਾਨਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਅਹਿਮ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਯਾਦ ਕਰਵਾਇਆ ਗਿਆ।  ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਾਬ ਪਰੋਸਣ ਤੋਂ ਪਹਿਲਾਂ ਗਾਹਕਾਂ ਦੀ ਉਮਰ ਦੀ ਤਸਦੀਕ ਸਮੇਤ ਆਬਕਾਰੀ ਪ੍ਰਬੰਧਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਬਾਰ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਕਾਨੂੰਨ ਦੁਆਰਾ ਲੋੜੀਂਦੀਆਂ ਕਾਨੂੰਨੀ ਚੇਤਾਵਨੀਆਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਦੀਆਂ ਸੰਚਾਲਨ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨਾ ਸ਼ਰਾਬ ਵਿਕਰੇਤਾਵਾਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਉਲੰਘਣਾਵਾਂ ਤੋਂ ਬਚਣ ਲਈ ਆਪਣੇ ਸਟਾਫ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਵੀ ਕਿਹਾ ਗਿਆ ਹੈ।

Leave a Reply

Your email address will not be published. Required fields are marked *