ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

CM Bhagwant Mann
  • ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ
  • ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
  • ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ

ਚੰਡੀਗੜ੍ਹ, 24 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਇਸ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਖ਼ਬਰਾਂ :-  ਬੋਲ ਪੰਜਾਬ ਦੇ-2024" ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ​​ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *