ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਵਲੋਂ ਨਰਮੇ ਦੀ ਫਸਲ ਕਾਮਯਾਬ ਕਰਨ ਅਤੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਇਸ ਲੜੀ ਤਹਿਤ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਏ ਗਏ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਬੱਲੂਆਣਾ ਡਾ. ਲਵਪ੍ਰੀਤ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕੇ ਨਰਮੇ ਦੀਆਂ ਪੁਰਾਣੀਆਂ ਛਿਟੀਆਂ ਨੂੰ ਖੇਤਾਂ ਦੇ ਕਿਨਾਰੇ ਨਹੀਂ ਰੱਖਣਾ ਚਾਹੀਦਾ ਤੇ ਛਿਟੀਆਂ ਝਾੜ ਕੇ ਸਿੱਧੀਆਂ ਖੜ੍ਹੀਆਂ ਕਰਕੇ ਰੱਖਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਦਿੱਤੀ ਜਾਵੇ। ਇਸ ਦੇ ਨਾਲ ਹੀ ਨਰਮੇ ਦੀ ਅਗੇਤੀ ਬਿਜਾਈ ਨਾ ਕੀਤੀ ਜਾਵੇ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਬੀਜ ਆਪਣੇ ਪੱਧਰ ਉਪਰ ਆਪਣੇ ਖੇਤ ਵਿੱਚ ਹੀ ਤਿਆਰ ਕਰਨ ਲਈ ਪ੍ਰੇਰਤ ਕੀਤਾ ਤਾਂ ਜੋ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਬੀਜ ਬਜ਼ਾਰ ਵਿੱਚੋ ਨਾ ਖਰੀਦਣਾ ਪਵੇ। ਇਸ ਦੇ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ । ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਇਸ ਨੂੰ ਖੇਤ ਵਿੱਚ ਵਹਾਈ ਲਈ ਪ੍ਰੇਰਿਤ ਕੀਤਾ।
ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਖੇਤੀਬਾੜੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਆਉਂਦੇ ਸਮੇਂ ਵਿੱਚ ਝੋਨੇ ਹੇਠਾਂ ਰਕਬਾ ਘਟਾ ਕੇ ਨਰਮਾ ਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪਿੰਡ ਦੇ ਲਗਭਗ 85 ਤੋਂ ਵੱਧ ਅਗਾਂਹਵਧੂ ਕਿਸਾਨ ਹਾਜ਼ਰ ਰਹੇ।