ਤਰਨ ਤਾਰਨ, 23 ਸਤੰਬਰ : ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ, ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਮਿਲਾਉਣ, ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਰੀਕੇ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵਿੱਚ ਸਹਿਯੋਗ ਦੇਣ। ਇਸ ਦੇ ਨਾਲ ਹੀ ਡਾ. ਹਰਪ੍ਰੀਤ ਸਿੰਘ ਅਤੇ ਡਾ.ਗੁਰਪਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖੇਤ ਦੀ ਸਹੀ ਤਿਆਰੀ, ਢੁਕਵੀਂ ਕਿਸਮ ਦੀ ਚੋਣ, ਸਿਫਾਰਸ਼ਸ਼ੁਦਾ ਬੀਜ ਦਰ, ਬੀਜ ਸੋਧ, ਬਿਜਾਈ ਦੇ ਢੁਕਵੇਂ ਸਮੇਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਣਕ ਦੀ ਬਿਜਾਈ ਕਰਨ ਅਤੇ ਬੇਲੋੜੀਆਂ ਖ਼ਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਡਾ. ਗੁਰਿੰਦਰਜੀਤ ਸਿੰਘ ਨੇ ਸਰੋਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਰ੍ਹੋਂ ਦੀ ਬਿਜਾਈ ਲਈ ਢੁਕਵੀਂ ਜ਼ਮੀਨ ਦੀ ਚੋਣ, ਖੇਤ ਦੀ ਤਿਆਰੀ, ਸਿਫ਼ਾਰਸ਼ਸ਼ੁਦਾ ਕਿਸਮਾਂ, ਬੀਜ ਦਰ, ਬੀਜ ਸੋਧ ਅਤੇ ਸੰਤੁਲਿਤ ਖ਼ਾਦਾਂ ਦੀ ਵਰਤੋਂ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਕੀੜੇ-ਮਕੌੜਿਆਂ ਦੀ ਸੁਚੱਜੀ ਨਿਗਰਾਨੀ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਕਣਕ ਦੀ ਬਿਜਾਈ ਸਬੰਧੀ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣ। ਇਸ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਅਤੇ ਖੇਤੀ ਦੀ ਉਤਪਾਦਕਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।