ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ

Final publication of voter lists in the district, make sure to check your name in the voter list: Ashika Jain

**ਹੁਸ਼ਿਆਰਪੁਰ, 12 ਅਕਤੂਬਰ:** ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ (ਐੱਸ.ਆਈ.ਆਰ.) ਤਹਿਤ ਅੱਜ 12 ਅਕਤੂਬਰ 2026 ਨੂੰ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਰਾਹੀਂ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਵੱਲੋਂ ਬੀ.ਐੱਲ.ਓਜ਼ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਰਹੀ ਹੈ। ਨਾਗਰਿਕ ਆਪਣੀ ਵੋਟ ਦੀ ਜਾਂਚ ਸਬੰਧਤ ਬੀ.ਐੱਲ.ਓ., ਆਪਣੇ ਵਿਧਾਨ ਸਭਾ ਹਲਕੇ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਾ ਕੇ ਕਰ ਸਕਦੇ ਹਨ। ਇਸ ਤੋਂ ਇਲਾਵਾ ਈ.ਸੀ.ਆਈ.ਐੱਨ.ਈ.ਟੀ. ਐਪ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਵੈੱਬਸਾਈਟ **www.ceopunjab.gov.in** ਰਾਹੀਂ ਵੀ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕਿਸੇ ਵੀ ਮਿਤੀ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਪੂਰੀ ਕਰਨ ਵਾਲੇ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਅਰਜ਼ੀ ਦੇ ਸਕਦੇ ਹਨ।

ਹੋਰ ਖ਼ਬਰਾਂ :-  ਤਰਨਤਾਰਨ ਉਪ-ਚੋਣ 2025 : 'ਆਪ' ਦੇ ਹਰਮੀਤ ਸਿੰਘ ਸੰਧੂ ਨੇ 42,649 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ

ਆਸ਼ਿਕਾ ਜੈਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਜਾਗਰੂਕ ਕਰਨ ਅਤੇ ਇਸ ਕੰਮ ਵਿੱਚ ਬੀ.ਐੱਲ.ਓਜ਼ ਨੂੰ ਸਹਿਯੋਗ ਦੇਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ’ਤੇ ਇਤਰਾਜ਼ ਦਰਜ ਕਰਵਾਉਣ ਜਾਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ, ਪਤੇ ਵਿੱਚ ਤਬਦੀਲੀ, ਇੱਕ ਵਿਧਾਨ ਸਭਾ ਹਲਕੇ ਤੋਂ ਦੂਜੇ ਵਿਧਾਨ ਸਭਾ ਹਲਕੇ ਵਿੱਚ ਵੋਟ ਤਬਦੀਲ ਕਰਵਾਉਣ ਜਾਂ ਡੁਪਲੀਕੇਟ ਵੋਟਰ ਪਛਾਣ ਪੱਤਰ ਪ੍ਰਾਪਤ ਕਰਨ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਸਬੰਧਤ ਨਾਗਰਿਕ ਇਹ ਫਾਰਮ ਆਪਣੇ ਬੀ.ਐੱਲ.ਓ., ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਜਾਂ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਐਪ ਜਾਂ ਰਾਸ਼ਟਰੀ ਵੋਟਰ ਸੇਵਾ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇਣ ਦੀ ਸਹੂਲਤ ਵੀ ਉਪਲਬਧ ਹੈ।

ਡਿਪਟੀ ਕਮਿਸ਼ਨਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਰਜਿਸਟ੍ਰੇਸ਼ਨ ਲਈ ਨਿਰਧਾਰਤ ਪ੍ਰਕਿਰਿਆ ਤਹਿਤ ਅਰਜ਼ੀ ਦੇਣ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ ਧੀਮਾਨ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸੀ.ਪੀ.ਆਈ. (ਐੱਮ.) ਤੋਂ ਗੁਰਮੇਸ਼ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਗੋ ਲਖਬੀਰ ਸਿੰਘ ਵੀ ਮੌਜੂਦ ਸਨ। 

Leave a Reply

Your email address will not be published. Required fields are marked *