ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਤਪੁਰਾ–ਚੰਗਾਲੀਵਾਲਾ ਦੀ ਸਾਢੇ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਲੋਕਾਂ ਨੂੰ ਸਮਰਪਿਤ

Finance Minister Harpal Singh Cheema dedicates three and a half kilometer long new road between Sangatpura-Changaliwala to the people

ਦਿੜ੍ਹਬਾ (ਸੰਗਰੂਰ), 16 ਨਵੰਬਰ-      ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਸੰਗਤਪੁਰਾ ਵਿਖੇ ਸੰਗਤਪੁਰਾ ਤੋਂ ਚੰਗਾਲੀਵਾਲਾ ਤੱਕ ਬਣੀ ਸਾਢੇ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੜਕ ਦੇ ਨਿਰਮਾਣ ’ਤੇ 1 ਕਰੋੜ 65 ਲੱਖ ਰੁਪਏ ਤੋਂ ਵੱਧ ਦੀ ਲਾਗਤ ਆਈ ਹੈ। ਇਸ ਮੌਕੇ ਉਨ੍ਹਾਂ ਨੇ ਸੰਗਤਪੁਰਾ ਤੋਂ ਲਦਾਲ ਤੱਕ ਦੀ ਸੜਕ ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਤਪੁਰਾ–ਚੰਗਾਲੀਵਾਲਾ ਸੜਕ ਬਣਨ ਨਾਲ ਦੋਵਾਂ ਪਿੰਡਾਂ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਲਹਿਰਾਗਾਗਾ ਅਤੇ ਹੋਰ ਸ਼ਹਿਰਾਂ ਤੱਕ ਆਉਣਾ-ਜਾਣਾ ਸੁਖਾਲਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਾਲ ਲੱਗਦੇ ਖੇਤਾਂ ਤੱਕ ਕਿਸਾਨਾਂ ਦੀ ਪਹੁੰਚ ਵੀ ਸੁਖਾਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨੇੜਲੇ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਬਿਹਤਰ ਬਣਾਉਣਾ ਪੰਜਾਬ ਸਰਕਾਰ ਵੱਲੋਂ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਅਹਿਮ ਹਿੱਸਾ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਸੰਗਤਪੁਰਾ ਤੋਂ ਲਦਾਲ ਜਾਣ ਵਾਲੀ ਸੜਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ। ਇਸ ਕੰਮ ’ਤੇ ਕਰੀਬ 1 ਕਰੋੜ 85 ਲੱਖ ਰੁਪਏ ਖ਼ਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਚੌੜੀ ਹੋਣ ਨਾਲ ਦੋਵਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਇੱਕ-ਦੂਜੇ ਕੋਲੋਂ ਲੰਘਣ ਲਈ ਵਧੇਰੇ ਥਾਂ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਕੰਮ ਅਗਲੇ 15 ਤੋਂ 20 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ।

ਹੋਰ ਖ਼ਬਰਾਂ :-  ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਸ੍ਰ ਚੀਮਾ ਨੇ ਦੱਸਿਆ ਕਿ ਹਲਕਾ ਦੌਰੇ ਦੌਰਾਨ ਡਸਕਾ, ਗੁਜਰਾਂ (ਗਿਦੜਿਆਣੀ) ਅਤੇ ਪਾਟਿਆਂਵਾਲੀ ਵਿਖੇ ਵੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ ਅਤੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਕੰਮ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਜਾ ਰਹੇ ਹਨ।

ਸੰਗਤਪੁਰਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੰਕਰੀਟ ਦੀਆਂ ਗਲੀਆਂ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਪਿੰਡ ਦੀਆਂ ਬਾਕੀ ਤਿੰਨ ਗਲੀਆਂ ਦਾ ਕੰਮ ਵੀ ਜਲਦ ਮੁਕੰਮਲ ਕਰਵਾਇਆ ਜਾਵੇਗਾ। ਬੱਸ ਸੇਵਾ ਸਬੰਧੀ ਇਲਾਕਾ ਵਾਸੀਆਂ ਦੀ ਮੰਗ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੀਆਂ ਬੱਸਾਂ ਮਿਲ ਚੁੱਕੀਆਂ ਹਨ ਅਤੇ ਇਸ ਰੂਟ ’ਤੇ ਛੇਤੀ ਹੀ ਨਵੀਆਂ ਬੱਸਾਂ ਚਲਾਈਆਂ ਜਾਣਗੀਆਂ।

ਪਿੰਡ ਵਾਸੀਆਂ ਨੇ ਪ੍ਰਸ਼ਾਸਨਿਕ ਮਾਮਲਿਆਂ, ਸਿੰਚਾਈ ਲਈ ਨਹਿਰੀ ਪਾਣੀ ਅਤੇ ਸਕੂਲਾਂ ਨਾਲ ਸਬੰਧਤ ਸਮੱਸਿਆਵਾਂ ਵੀ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਲੋੜ ਅਨੁਸਾਰ ਸਬੰਧਤ ਵਿਭਾਗਾਂ ਨੂੰ ਪੱਤਰ ਭੇਜ ਕੇ ਮਸਲਿਆਂ ਦਾ ਹੱਲ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਵੱਖ ਵੱਖ ਅਹੁਦੇਦਾਰ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਤੇ ਇਲਾਕਾ ਵਾਸੀ ਹਾਜ਼ਰ ਸਨ। 

Leave a Reply

Your email address will not be published. Required fields are marked *