*ਚੰਡੀਗੜ੍ਹ, 29 ਅਕਤੂਬਰ:* ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ।
ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ।
ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ।
ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਖਰੀਦੀ ਜਾ ਰਹੀ ਹੈ।
ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।