ਤਰਨ ਤਾਰਨ, 28 ਸਤੰਬਰ : ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ, ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਇਸ ਦੌਰਾਨ ਸਮਾਗਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਆਰਜ਼ੀ ਪਖਾਨੇ, ਸਿਹਤ ਸੇਵਾਵਾਂ, ਬੈਰੀਕੇਡਿੰਗ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਆਦਿ ਦੇ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਪੀ ਡਾ. ਰਿਪੁਤਾਮਨ ਸਿੰਘ, ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ ਪੱਟੀ ਅਮਨਦੀਪ, ਐੱਸ.ਡੀ.ਐੱਮ ਭਿੱਖੀਵਿੰਡ ਜਗਦੀਪ ਸਿੰਘ, ਡੀ.ਐੱਸ.ਪੀ ਅਤੁਲ ਸੋਨੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਪ੍ਰੀਆ ਸਿੰਘ ਅਤੇ ਡੀ.ਐਫ.ਐਸ.ਸੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।