ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।


ਇੱਥੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਿਮਾਰੀ ਦੇ ਫੈਲਾਅ ਉਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ਉਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।
ਮੁੱਖ ਮੰਤਰੀ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿੱਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਕਰੇਗੀ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਹਾਜ਼ਰ ਸਨ।     

ਹੋਰ ਖ਼ਬਰਾਂ :-  ਹਰਿਆਣਾ ਦੇ ਸਕੂਲਾਂ ਵਿੱਚ 15 ਅਗਸਤ ਤੋਂ ‘ਗੁੱਡ ਮਾਰਨਿੰਗ’ ਦੀ ਥਾਂ ‘ਜੈ ਹਿੰਦ’ ਅਭਿਵਾਦਨ ਦੇ ਰੂਪ ਵਿੱਚ ਲਾਗੂ

Leave a Reply

Your email address will not be published. Required fields are marked *