ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ।
ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਿਕਾਸ ਫੈਲੋ ਅੰਬਰ ਬੰਦੋਪਾਧਿਆਏ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਅਤੇ ਹੋਰ ਅਧਿਕਾਰੀਆਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਗੈਰ-ਸਰਕਾਰੀ ਸੰਗਠਨਾਂ ਤੋਂ ਸੁਝਾਅ ਲੈਣ ਦੇ ਨਿਰਦੇਸ਼ ਦਿੱਤੇ।
ਅਧਿਕਾਰੀਆਂ ਨੇ ਗੈਰ ਸਰਕਾਰੀ ਸੰਗਠਨਾਂ ਨੂੰ ਦੱਸਿਆ ਕਿ ਪ੍ਰਸ਼ਾਸਨ ਦਾ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਵਰਗੀਆਂ ਕੁਰੀਤੀਆਂ ਤੋਂ ਖਹਿੜਾ ਛੁੱਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣਾ ਹੈ। ਉਨ੍ਹਾਂ ਇਸ ਸਮੱਸਿਆ ਦੀਆਂ ਜੜ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਖੋਜਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਪ੍ਰਭਾਵਸ਼ਾਲੀ ਰਣਨੀਤੀ ਬਣਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਭੀਖ ਮੰਗਣ ਨੂੰ ਉਤਸ਼ਾਹਿਤ ਨਾ ਕਰਨ।
ਇਸ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।