ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ।

 ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ।

 ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ ‘ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ। 

ਹੋਰ ਖ਼ਬਰਾਂ :-  18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ

ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ ‘ਪਾਣੀ ਦੀ ਜਾਂਚ ਪ੍ਰਯੋਗਸ਼ਾਲਾ’ ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।

Leave a Reply

Your email address will not be published. Required fields are marked *