ਕਰਨਾਟਕ ਸਰਕਾਰ ਨੇ ਸਟੇਟ ਬੈਂਕ ਆਫ ਇੰਡੀਆ (SBI) ਅਤੇ ਪੰਜਾਬ ਨੈਸ਼ਨਲ ਬੈਂਕ (PNB) ਨਾਲ ਸਾਰੇ ਲੈਣ-ਦੇਣ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਦੋਵਾਂ ਬੈਂਕਾਂ ‘ਤੇ ਸਰਕਾਰੀ ਖਾਤਿਆਂ ਤੋਂ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਹ ਦੋਵੇਂ ਬੈਂਕ ਕੇਂਦਰ ਸਰਕਾਰ ਦੀ ਮਲਕੀਅਤ ਹਨ। ਕਰਨਾਟਕ ਸਰਕਾਰ ਦੇ ਵਿੱਤ ਵਿਭਾਗ ਨੇ ਰਾਜ ਦੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਬੰਦ ਕਰ ਦੇਣ ਅਤੇ ਆਪਣੀ ਜਮ੍ਹਾ ਰਾਸ਼ੀ ਦੀ ਤੁਰੰਤ ਵਸੂਲੀ ਕਰਨ।
ਹੁਕਮਾਂ ਵਿੱਚ ਕਿਹਾ ਗਿਆ ਹੈ, “ਸਟੇਟ ਬੈਂਕ ਆਫ਼ ਇੰਡੀਆ ਅਤੇ ਪੰਜਾਬ ਨੈਸ਼ਨਲ ਬੈਂਕ ਵਿੱਚ ਰਾਜ ਸਰਕਾਰ ਦੇ ਵਿਭਾਗਾਂ, ਜਨਤਕ ਉੱਦਮਾਂ, ਕਾਰਪੋਰੇਸ਼ਨਾਂ, ਸਥਾਨਕ ਸੰਸਥਾਵਾਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੁਆਰਾ ਰੱਖੇ ਗਏ ਖਾਤਿਆਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਕੋਈ ਵੀ ਅਤੇ ਜਮ੍ਹਾ ਜਾਂ ਨਿਵੇਸ਼ ਨਹੀਂ ਕੀਤਾ ਜਾਣਾ ਚਾਹੀਦਾ ਹੈ।” ਇਹ ਹੁਕਮ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਰਾਜ-ਸੰਚਾਲਿਤ ਕਰਨਾਟਕ ਮਹਾਰਿਸ਼ੀ ਵਾਲਮੀਕਿ ਅਨੁਸੂਚਿਤ ਜਨਜਾਤੀ ਵਿਕਾਸ ਨਿਗਮ ਲਿਮਟਿਡ ਨਾਲ ਜੁੜੇ ਕਥਿਤ ਫੰਡ ਟ੍ਰਾਂਸਫਰ ਘੁਟਾਲੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਦੱਸ ਦਈਏ ਕਿ ਕਰਨਾਟਕ ‘ਚ ਫਿਲਹਾਲ ਕਾਂਗਰਸ ਸੱਤਾ ‘ਚ ਹੈ।