*ਲੰਬੀ, 20 ਨਵੰਬਰ 2026** ਆਮ ਆਦਮੀ ਪਾਰਟੀ ਵੱਲੋਂ ਪੰਜਾਬ ਕਨਵੀਨਰ ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਲੰਬੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਗੁਰਦੁਆਰਾ ਸ੍ਰੀ ਥੇੜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧੀਰਾ ਖੁੱਡੀਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੁੱਡੀਆਂ ਪਰਿਵਾਰ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਰਿਵਾਰ ਵੱਲੋਂ ਧੀਰਾ ਖੁੱਡੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਹਲਕੇ ਦੇ ਲੋਕਾਂ ਨੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਈ ਸੀ, ਉਸੇ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੰਬੀ ਹਲਕੇ ਦੇ ਲੋਕ ਆਪਣਾ ਪਿਆਰ ਅਤੇ ਸਮਰਥਨ ਦਿੰਦਿਆਂ ਜਿੱਤ ਦਾ ਤੋਹਫ਼ਾ ਉਨ੍ਹਾਂ ਦੇ ਭਤੀਜੇ ਧੀਰਾ ਖੁੱਡੀਆਂ ਦੀ ਝੋਲੀ ਪਾਉਣਗੇ।
ਉਨ੍ਹਾਂ ਦੱਸਿਆ ਕਿ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਧੀਰਾ ਖੁੱਡੀਆਂ ਨੂੰ ਲੰਬੀ ਹਲਕੇ ਤੋਂ ਉਮੀਦਵਾਰ ਬਣਾਉਣ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਅਸੀਂ ਇੱਕੋ ਪਰਿਵਾਰ ਹਾਂ ਅਤੇ ਉਹ ਹਰ ਤਰੀਕੇ ਨਾਲ ਧੀਰਾ ਖੁੱਡੀਆਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਦੇ ਭਤੀਜੇ ਨੂੰ ਲੰਬੀ ਹਲਕੇ ਤੋਂ ਉਮੀਦਵਾਰ ਬਣਾਇਆ ਹੈ।
ਇਸ ਮੌਕੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਨ ਅਤੇ ਪਾਰਟੀ ਲੀਡਰਸ਼ਿਪ ਦੇ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਲੰਬੀ ਹਲਕੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਲੰਬੀ ਹਲਕੇ ਦੇ ਲੋਕਾਂ ਦਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਮਾਗਮ ਵਿੱਚ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਪਿੰਡਾਂ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ, ਜਿੱਥੇ ਲੋਕਾਂ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਮਰਥਕਾਂ ਨੇ ਲੱਡੂ ਵੰਡ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸਮੁੱਚੇ ਸਮਾਗਮ ਦੌਰਾਨ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਫਰਜੰਦ ਅਮੀਤ ਖੁੱਡੀਆਂ, ਜੋ ਕੁਝ ਰੁਝੇਵਿਆਂ ਕਾਰਨ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ, ਵੱਲੋਂ ਵੀ ਆਪਣਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਲੰਬੀ ਹਲਕੇ ਦੇ ਵੋਟਰਾਂ ਸਪੋਟਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਭਰਾ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਚੋਣ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਉਨ੍ਹਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਸਰਦਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਚੋਣ ਮੁਹਿੰਮ ਦਾ ਹਿੱਸਾ ਬਣਨ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਮੌਕਾ ਮਿਲੇਗਾ।
ਇਸ ਮੌਕੇ ਪੰਜਾਬ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ, ਪਲੈਨਿੰਗ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੋਣੀ, ਮਾਰਕੀਟ ਕਮੇਟੀ ਮੰਡੀ ਕਿਲਿਆਂਵਾਲੀ ਦੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ, ਬਲਾਕ ਪ੍ਰਧਾਨ ਸ਼ਿਵਰਾਜ ਮਿਠੜੀ, ਚੇਅਰਮੈਨ ਹਰਪ੍ਰੀਤ ਸਿੰਘ ਮਾਨ ਕਰਮਗੜ੍ਹ, ਬਲਾਕ ਪ੍ਰਧਾਨ ਜਸਬੀਰ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਚਾਨਾ, ਬਲਾਕ ਪ੍ਰਧਾਨ ਬਲਵੀਰ ਮਹਿਣਾ, ਬਲਾਕ ਪ੍ਰਧਾਨ ਸਰਬਜੀਤ ਸਿੰਘ, ਬਲਾਕ ਪ੍ਰਧਾਨ ਲਾਲੀ ਕਰਮਗੜ੍ਹ, ਹਰਕੇਵਲ ਸਿੰਘ ਧਾਲੀਵਾਲ ਤੋਂ ਇਲਾਵਾ ਪਾਰਟੀ ਦੇ ਲੋਕਾਂ ਦੇ ਵੱਖ ਵੱਖ ਵਿੰਗਾਂ ਦੇ ਆਹੁਦੇਦਾਰ,ਪਿੰਡਾਂ ਦੇ ਸਰਪੰਚ,ਪੰਚ ਅਤੇ ਵਰਕਰ ਅਤੇ ਸਾਹਿਬਾਨ ਹਾਜ਼ਰ ਰਹੇ।