ਸ੍ਰੀ ਮੁਕਤਸਰ ਸਾਹਿਬ, 10 ਨਵੰਬਰ :
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀ ਮੰਡੀਆਂ ਵਿੱਚ ਚਲ ਰਹੀ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਚ ਵੀ ਤੇਜ਼ੀ ਲਿਆਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਝੋਨੇ ਦੀ ਆਮਦ, ਖਰੀਦ ਅਤੇ ਲਿਫ਼ਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਬੀਤੇ ਦਿਨ 09 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 8,33,270.26 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7,77,188 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ 4,90,040.67 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।