ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ।

ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 26,57,496 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 1417816 ਮਰਦ, 1239534 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 146 ਵੋਟਰ ਸ਼ਾਮਿਲ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2919 ਹੈ।

ਸ੍ਰੀਮਤੀ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ, ਤਾਂ ਜੋ ਕਿਸੇ ਸੰਭਾਵੀ ਉਮੀਦਵਾਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਨਾ ਰਹਿ ਗਿਆ ਹੋਵੇ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ।

ਹੋਰ ਖ਼ਬਰਾਂ :-  Biometric Attendance ਸ਼ੁਰੂ ਕਰਨ ਦੇ ਹੁਕਮ- ਪੜ੍ਹੋ ਹੁਕਮਾ ਦੀ ਕਾਪੀ

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜ ਵਾਲੇ ਦਿਨ ਆਪਣੇ ਸਬੰਧਤ ਬੀ ਐਲ ਓ ਕੋਲ ਜਾਂ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.voters.eci.gov.in and voter Helpline app. ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ‘ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੌਤਮ ਜੈਨ, ਚੋਣ ਤਹਿਸੀਲਦਾਰ ਸ੍ਰੀ ਅਮਨਦੀਪ ਸਿੰਘ,  ਆਮ ਆਦਮੀ ਪਾਰਟੀ ਤੋ ਸ੍ਰੀ ਅਮਨਦੀਪ ਭਨੌਟ, ਕਾਂਗਰਸ ਪਾਰਟੀ ਤੋ ਸ੍ਰੀ ਕਮਲ ਕਿਸ਼ੋਰ, ਬਹੁਜਨ ਸਮਾਜ ਪਾਰਟੀ ਤੋ ਸ੍ਰੀ ਨਰੇਸ਼ ਕੁਮਾਰ, ਸੀ.ਪੀ.ਆਈ. ਐਮ. ਪਾਰਟੀ ਤੋ ਸ੍ਰੀ ਬਲਜੀਤ ਸਿੰਘ ਸ਼ਾਹੀ ਤੇ ਦੇਵਰਾਜ ਅਤੇ ਹੋਰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *