ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂ ਆਯੋਜਿਤ ਲੁਧਿਆਣਾ ਜ਼ੋਨਲ ਸਲਾਨਾ ਸੈਸ਼ਨ-2024-25 ਸਮਾਗਮ ਦੌਰਾਨ, ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਉਨ੍ਹਾਂ ਲਈ ਕਾਰੋਬਾਰ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਤਾਂ ਜੋ ਉਦਯੋਗਪਤੀਆਂ ਨੂੰ ਇਸਦਾ ਸੰਪੂਰਨ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਦੀਆਂ ਨਿਵੇਸ਼ਕ ਹਿਤੈਸ਼ੀ ਨੀਤੀਆਂ ਦਾ ਭਰਪੂਰ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਹੁਲਾਰਾ ਅਤੇ ਉੱਚ ਲੀਹਾਂ ‘ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਹਮੇਸ਼ਾ ਤੱਤਪਰ ਹੈ।
ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਤੋਂ ਸਵਾਲ ਵੀ ਲਏ ਅਤੇ ਜ਼ਿਲ੍ਹੇ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਜ਼ਿਲ੍ਹੇ ਵਿੱਚ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਅਤੇ ਹਰਿਆਲੀ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸੀ.ਐਸ.ਆਰ. ਪਹਿਲਕਦਮੀ ਰਾਹੀਂ ਫੰਡਾਂ ਦੀ ਵਰਤੋਂ ਕਰਦਿਆਂ ਸਮਾਜ ਦੇ ਵਿਕਾਸ ਵਿੱਚ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਇਸ ਸਬੰਧ ਵਿੱਚ ਜ਼ਿਲ੍ਹਾ ਵਿਕਾਸ ਫੈਸੀਲੀਟੇਟਰ (ਡੀ.ਡੀ.ਐਫ.) ਅੰਬਰ ਬੰਦੋਪਾਧਿਆਏ ਨੇ ਇੱਕ ਪੇਸ਼ਕਾਰੀ ਦਿੱਤੀ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ, ਸਿੱਖਿਆ, ਲੋੜਵੰਦ ਬੱਚਿਆਂ ਲਈ ਸਹਾਇਤਾ ਅਤੇ ਉਦਯੋਗਾਂ ਨੂੰ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨੂੰ ਮੁੱਖ ਰੱਖਦਿਆਂ 21 ਸੀ.ਐਸ.ਆਰ. ਪ੍ਰੋਜੈਕਟ ਪ੍ਰਸਤਾਵ ਪੇਸ਼ ਕੀਤੇ।
ਇਸ ਮੌਕੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਸਿੰਘ ਵੀ ਮੌਜੂਦ ਸਨ।