ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Punjab Police Logo

ਮਾਲੇਰਕੋਟਲਾ, 24 ਅਕਤੂਬਰ :                     ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਕੇ ਇਸ ਦੇ ਦੋਵਾਂ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੇਂਦਰ ਬਿਨਾਂ ਕਿਸੇ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ, ਜਿਸ ਨਾਲ ਉੱਥੇ ਦਾਖ਼ਲ ਮਰੀਜ਼ਾਂ ਦੀ ਜਾਨ ਖ਼ਤਰੇ ਵਿੱਚ ਸੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਵਾਸੀ ਮਹੋਲੀ ਕਲਾਂ, ਥਾਣਾ ਸੰਦੌੜ ਅਤੇ ਨੀਰਜ ਪੁੱਤਰ ਮੋਹਨ ਲਾਲ, ਵਾਸੀ ਲੁਧਿਆਣਾ ਵਜੋਂ ਹੋਈ ਹੈ।

                 ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਮਨਵਜੀਤ ਸਿੰਘ ਸਿੱਧੂ, ਪੀ.ਪੀ.ਐਸ. ਦੀ ਨਿਗਰਾਨੀ ਹੇਠ ਕੀਤੀ ਗਈ। ਮਿਤੀ 23.10.2026 ਨੂੰ ਐਸ.ਐਚ.ਓ. ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਥਾਣਾ ਸੰਦੌੜ ਦੀ ਪੁਲਿਸ ਟੀਮ ਨੂੰ ਖ਼ਾਸ ਇਤਲਾਹ ਮਿਲੀ ਕਿ ਮਹੋਲੀ ਕਲਾਂ ਵਿਖੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਤੁਰੰਤ ਕਾਰਵਾਈ ਕਰਦਿਆਂ ਟੀਮ ਨੇ ਮੌਕੇ ‘ਤੇ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜੋ ਕੇਂਦਰ ਚਲਾਉਣ ਸਬੰਧੀ ਕੋਈ ਵੀ ਲਾਇਸੈਂਸ ਜਾਂ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਮੁਲਜ਼ਮਾਂ ਵਿਰੁੱਧ ਥਾਣਾ ਸੰਦੌੜ ਵਿਖੇ ਬੀ.ਐਨ.ਐਸ. ਦੀ ਧਾਰਾ 318(4), 319, 127 ਅਤੇ 61(2) ਤਹਿਤ ਮੁਕੱਦਮਾ ਨੰਬਰ 184 ਮਿਤੀ 23.10.2026 ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਹੋਰ ਖ਼ਬਰਾਂ :-  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

                         ਐਸ.ਐਸ.ਪੀ. ਖੱਖ ਨੇ ਕਿਹਾ ਕਿ ਨਸ਼ਾ ਛੁਡਾਉਣ ਦਾ ਇਲਾਜ ਸਿਰਫ਼ ਯੋਗ ਡਾਕਟਰਾਂ ਵਾਲੇ ਲਾਇਸੈਂਸਸ਼ੁਦਾ ਕੇਂਦਰਾਂ ਵਿੱਚ ਹੀ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕੇਂਦਰ ਮਰੀਜ਼ਾਂ ਦੀ ਜਾਨ ਲਈ ਗੰਭੀਰ ਖ਼ਤਰਾ ਹਨ ਅਤੇ ਅਜਿਹੇ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

                      ਐਸ.ਐਸ.ਪੀ. ਖੱਖ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਜ ਸਿਰਫ਼ ਸਰਕਾਰੀ ਹਸਪਤਾਲਾਂ ਜਾਂ ਲਾਇਸੈਂਸਸ਼ੁਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੀ ਕਰਵਾਇਆ ਜਾਵੇ। ਗੈਰ-ਕਾਨੂੰਨੀ ਕੇਂਦਰਾਂ ਜਾਂ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਨਜ਼ਦੀਕੀ ਪੁਲਿਸ ਥਾਣੇ ਨੂੰ ਦਿੱਤੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। 

Leave a Reply

Your email address will not be published. Required fields are marked *