ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ

Mann government distributed 2.07 lakh quintals of certified wheat seeds to farmers at 50 percent subsidy: Gurmeet Singh Khudian

ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਲਈ ਵਧੇਰੇ ਝਾੜ ਅਤੇ ਬਿਹਤਰ ਆਮਦਨ ਯਕੀਨੀ ਬਣਾਉਣ ਵਾਸਤੇ  ਕਿਸਾਨਾਂ ਨੂੰ ਸਬਸਿਡੀ ਉਤੇ 2,42,218 ਕੁਇੰਟਲ ਕਣਕਵਦਾ ਬੀਜ ਦਿੱਤੇ ਜਾਣ ਦਾ ਟੀਚਾ ਹੈ, ਜਿਸ ਵਿੱਚੋਂ ਹੁਣ ਤੱਕ 2.07 ਲੱਖ ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ। ਇਹ ਵੰਡ 50 ਕਰੋੜ ਰੁਪਏ ਦੀ ਸਹਾਇਤਾ ਸਕੀਮ ਤਹਿਤ ਕੀਤੀ ਜਾ ਰਹੀ ਹੈ, ਜਿਸ ਅਧੀਨ ਕਿਸਾਨਾਂ ਨੂੰ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਵੱਲੋਂ ਸਿਫ਼ਾਰਸ਼ ਕੀਤੇ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ ’ਤੇ ਮੁਹੱਈਆ ਕਰਵਾਏ ਜਾ ਹਨ, ਜਿਸ ਵਿੱਚ ਸਬਸਿਡੀ ਦੀ ਵੱਧ ਤੋਂ ਵੱਧ ਹੱਦ 2,000 ਰੁਪਏ ਪ੍ਰਤੀ ਹੈਕਟੇਅਰ ਰੱਖੀ ਗਈ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਤੋਂ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਕਣਕ ਦੇ ਬੀਜ ’ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ 2.18 ਲੱਖ ਤੋਂ ਵੱਧ ਕਿਸਾਨ http://agrimachinerypb.com ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ 19,110 ਰਜਿਸਟ੍ਰੇਸ਼ਨਾਂ ਨਾਲ ਸੂਬੇ ਵਿੱਚ ਸਭ ਤੋਂ ਅੱਗੇ ਹੈ, ਜਿਸ ਤੋਂ ਬਾਅਦ ਫਾਜ਼ਿਲਕਾ (18,369), ਬਠਿੰਡਾ (16,832), ਸੰਗਰੂਰ (16,022) ਅਤੇ ਪਟਿਆਲਾ (12,982) ਦਾ ਸਥਾਨ ਹੈ, ਜੋ ਪ੍ਰਮਾਣਿਤ ਬੀਜਾਂ ਪ੍ਰਤੀ ਕਿਸਾਨਾਂ ਦੇ ਭਾਰੀ ਉਤਸ਼ਾਹ ਨੂੰ ਦਰਸਾਉਂਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸੂਬੇ ਭਰ ਵਿੱਚ ਸਬਸਿਡੀ ਵਾਲੇ ਕਣਕ ਦੇ ਬੀਜ ਦੀ ਵੰਡ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ (ਸੀਏਓਜ਼) ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਹੋਰ ਖ਼ਬਰਾਂ :-  BCCI ਨੇ ਜਾਰੀ ਕੀਤੇ 7 ਨਵੇਂ ਨਿਯਮ, IPL 2026 ‘ਚ ਹੋਣਗੇ ਲਾਗੂ

ਉਨ੍ਹਾਂ ਦੱਸਿਆ ਕਿ ਪ੍ਰਮਾਣਿਤ ਕਣਕ ਦੇ ਬੀਜਾਂ ’ਤੇ 50 ਫੀਸਦੀ ਸਬਸਿਡੀ ਦੇਣ ਦਾ ਉਦੇਸ਼ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵੱਲੋਂ ਸਿਫ਼ਾਰਸ਼ ਕੀਤੀਆਂ ਵੱਧ ਝਾੜ ਦੇਣ ਵਾਲੀਆਂ ਅਤੇ ਬਿਮਾਰੀ-ਰਹਿਤ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। 50 ਕਰੋੜ ਰੁਪਏ ਦੀ ਇਹ ਸਹਾਇਤਾ ਸਕੀਮ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤਾ ਗਿਆ ਨਿਵੇਸ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਲਈ ਬਿਹਤਰ ਝਾੜ ਅਤੇ ਵੱਧ ਮੁਨਾਫ਼ਾ ਯਕੀਨੀ ਬਣਾ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀਜਾਂ ਦੀ ਨਿਰਵਿਘਨ ਵੰਡ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਕਿਸਾਨ ਇਸ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਪਲਾਈ ਲੜੀ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿੱਚ ਖਾਦਾਂ ਦੀ ਉਪਲਬਧਤਾ ਦਾ ਵੀ ਜਾਇਜ਼ਾ ਲਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਗੁਰਜੀਤ ਬਰਾੜ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ., ਯੂਰੀਆ ਅਤੇ ਹੋਰ ਜ਼ਰੂਰੀ ਖਾਦਾਂ ਦਾ ਢੁਕਵਾਂ ਸਟਾਕ ਉਪਲਬਧ ਹੈ। 5.50 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 5.87 ਲੱਖ ਮੀਟ੍ਰਿਕ ਟਨ ਡੀ.ਏ.ਪੀ. ਉਪਲਬਧ ਹੈ।

ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਘਾਟ, ਕਾਲਾਬਾਜ਼ਾਰੀ ਜਾਂ ਟੈਗਿੰਗ ਨੂੰ ਰੋਕਣ ਲਈ ਸਪਲਾਈ ਲੜੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਮੌਜੂਦਾ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

Leave a Reply

Your email address will not be published. Required fields are marked *