ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਭਦੌੜ/ਤਪਾ, 7 ਅਪ੍ਰੈਲ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ ‘ਤੇ ਬੈਂਕ ਕਰਜ਼ਾ ਜਾਂ ਹੋਰ ਸਹੂਲਤਾਂ ਵੀ ਲੈ ਸਕਣਗੇ।

ਹੋਰ ਖ਼ਬਰਾਂ :-  ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਮਾਗਮ ਦੌਰਾਨ ਐੱਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਸਕੀਮ ਦੀਆਂ ਤਕਨੀਕੀ ਬਾਰੀਕੀਆਂ ਅਤੇ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਵੱਡੀ ਰਾਹਤ ਦਿੱਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਢਿੱਲਵਾਂ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਸਰਪੰਚ ਅੰਗਰੇਜ ਸਿੰਘ ਦੀਪਗੜ੍ਹ , ਆਗੂ ਜੋਗਿੰਦਰ ਸਿੰਘ ਮਠਾੜੂ, ਗੁਰਤੇਜ ਸਿੰਘ ਧਾਲੀਵਾਲ ਪ੍ਰਧਾਨ ਟਰੱਕ ਯੂਨੀਅਨ ਤਪਾ, ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *