ਮਾਲੇਰਕੋਟਲਾ, 19 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਜਾਵੇਗਾ । ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ ਸਮੇਤ ਇਸ ਰੋਸ਼ਨੀ ਅਤੇ ਅਵਾਜ ਸ਼ੋਅ ਦਾ ਹਿੱਸਾ ਬਣਨਾ ਚਾਹੀਦਾ ਹੈ।
ਉਨ੍ਹਾਂ ਹੋਰ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਨੂੰ ਕਰਵਾਉਣ ਦਾ ਉਦੇਸ਼ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਸ਼ਹਾਦਤ ਉੱਤੇ ਚਾਨਣਾ ਪਾਉਣਾ ਹੈ, ਤਾਂ ਜੋ ਅੱਜ ਦੀ ਪੀੜੀ ਨੂੰ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਕਰਵਾਇਆ ਜਾ ਸਕੇ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਸਬੰਧੀ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਖਾਲਸੇ ਦੀ ਇਸ ਪਵਿੱਤਰ ਧਰਤੀ ‘ਤੇ ਹੋਣ ਵਾਲੇ ਇਹ ਸਮਾਗਮ ਸਾਰੀ ਸੰਗਤ ਲਈ ਰੂਹਾਨੀ ਰੌਸ਼ਨੀ ਦਾ ਸਰੋਤ ਸਾਬਤ ਹੋਣਗੇ। ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸੂਬਾ ਸਰਕਾਰ ਵੱਲੋਂ ਡਰੋਨ ਸ਼ੋਅ, ਕਥਾ, ਕੀਰਤਨ ਦਰਬਾਰ ਅਤੇ ਸਰਬ ਧਰਮ ਸੰਮੇਲਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਜਦਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਨ੍ਹਾਂ ਸਮਾਗਮਾਂ ਦੀ ਨਿਗਰਾਨੀ ਅਤੇ ਵਿਉਂਤਬੰਦੀ ਲਈ ਨੋਡਲ ਵਿਭਾਗ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ।
23 ਨਵੰਬਰ ਦੇ ਪ੍ਰੋਗਰਾਮ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਾਜ਼ਰੀ ਭਰਣਗੇ। ਦੁਪਹਿਰ 12 ਵਜੇ ਬਾਬਾ ਬੁੱਢਾ ਦਲ ਛਾਉਣੀ ਵਿਖੇ ਸਰਬ ਧਰਮ ਸੰਮੇਲਨ ਆਯੋਜਿਤ ਕੀਤਾ ਜਾਵੇਗਾ। ਸ਼ਾਮ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਅਤੇ 6 ਵਜੇ ਮੁੱਖ ਪੰਡਾਲ ਵਿੱਚ ਕਥਾ-ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ 24 ਨਵੰਬਰ ਨੂੰ ਸਵੇਰੇ 8 ਵਜੇ ਸੀਸ ਭੇਟ ਨਗਰ ਕੀਰਤਨ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਦੁਪਹਿਰ 1 ਵਜੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਸ਼ਾਮ 5 ਵਜੇ ਡਰੋਨ ਸ਼ੋਅ ਅਤੇ 6 ਵਜੇ ਕਥਾ-ਕੀਰਤਨ ਦਰਬਾਰ ਨਾਲ ਸੰਗਤ ਨੂੰ ਰੂਹਾਨੀ ਅਨੰਦ ਪ੍ਰਦਾਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਢਾਡੀ ਅਤੇ ਕਵੀਸਰ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ ਅਤੇ 25 ਨਵੰਬਰ ਨੂੰ ਸਵੇਰੇ 10 ਵਜੇ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੋਣਗੇ, ਜਿੱਥੇ ਮੁੱਖ ਮੰਤਰੀ ਸਮੇਤ ਵੱਡੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਰਹਿਣਗੀਆਂ ਅਤੇ ਸੂਬਾ ਪੱਧਰੀ ਖੂਨਦਾਨ ਮੁਹਿੰਮ ਅਤੇ 3.50 ਲੱਖ ਬੂਟੇ ਲਗਾਉਂਣ ਦੀ ਸੂਬਾ ਪੱਧਰੀ ਮੁਹਿੰਮ ਦਾ ਅਗਾਜ ਹੋਵੇਗਾ । ਦੁਪਹਿਰ 12 ਵਜੇ ‘ਸਰਬੱਤ ਦਾ ਭਲਾ ਇਕੱਤਰਤਾ’ ਰੱਖੀ ਗਈ ਹੈ। ਸ਼ਾਮ 5 ਵਜੇ ਡਰੋਨ ਸ਼ੋਅ ਨਾਲ ਇਹ ਤਿੰਨ ਦਿਨਾਂ ਦੇ ਮਹਾਨ ਸਮਾਗਮ ਸਮਾਪਤ ਹੋਣਗੇ।
ਡਾ. ਜਮੀਲ ਉਰ ਰਹਿਮਾਨ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਾਡੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਨਮੋਲ ਸ਼ਹਾਦਤ ਨੂੰ ਯਾਦ ਕਰਦਿਆਂ ਵੱਡੀ ਗਿਣਤੀ ਵਿੱਚ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਬਣ ਕੇ ਰੂਹਾਨੀ ਬਖ਼ਸ਼ੀਸ਼ ਹਾਸਲ ਕਰਨ।