ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ ਸ਼ੁਰੂਆਤ

MLA Narinder Kaur Bharaj inaugurated the work of laying underground pipeline

ਭਵਾਨੀਗੜ੍ਹ, 29 ਅਕਤੂਬਰ:    ਖੇਤੀ ਲਈ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮਾਝੀ ਵਿਖੇ 53 ਲੱਖ 56 ਹਜ਼ਾਰ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਤਹਿਤ 4980 ਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਨਾਲ 362 ਏਕੜ ਖੇਤੀਯੋਗ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ ਅਤੇ 56 ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਿੰਜਾਈ ਪ੍ਰਬੰਧਾਂ ਨੂੰ ਵਧੇਰੇ ਕਾਰਗਰ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨਾਂ ਰਾਹੀਂ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਰਸਤੇ ਵਿੱਚ ਹੋਣ ਵਾਲੇ ਪਾਣੀ ਦੇ ਨੁਕਸਾਨ ਨੂੰ ਘਟਾਉਣ ਅਤੇ ਉਪਲਬਧ ਪਾਣੀ ਦੀ ਬਿਹਤਰ ਵਰਤੋਂ ਕਰਨ ਵਿੱਚ ਮਦਦ ਮਿਲਦੀ ਹੈ। ਇਸ ਨਾਲ ਕਿਸਾਨਾਂ ਲਈ ਫ਼ਸਲਾਂ ਦੀ ਲੋੜ ਅਨੁਸਾਰ ਸਿੰਜਾਈ ਕਰਨੀ ਵੀ ਸੁਖਾਲੀ ਹੋਵੇਗੀ। ਪਾਣੀ ਦੀ ਵੰਡ ਲਈ 39 ਨੱਕਿਆਂ ਦਾ ਪ੍ਰਬੰਧ ਕੀਤਾ ਜਾਵੇਗਾ। 

ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨੀ ਲੋੜਾਂ ਅਨੁਸਾਰ ਸਹੂਲਤਾਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿੰਜਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਖੇਤੀ ਨੂੰ ਸਹੂਲਤਮੰਦ ਬਣਾਉਣ ਦੇ ਨਾਲ-ਨਾਲ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਹੋਰ ਖ਼ਬਰਾਂ :-  ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ICC ਟੈਸਟ ਰੈਂਕਿੰਗ ’ਚ ਤੀਜੇ ਨੰਬਰ ’ਤੇ ਪਹੁੰਚ ਗਏ ਹਨ

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸਬੰਧਤ ਕਿਸਾਨਾਂ ਨੂੰ ਪਾਣੀ ਖੇਤਾਂ ਤੱਕ ਲਿਜਾਣ ਲਈ ਬਿਹਤਰ ਵਿਵਸਥਾ ਮਿਲੇਗੀ। ਪਾਈਪਲਾਈਨ ਪ੍ਰਣਾਲੀ ਦੀ ਸੁਚੱਜੀ ਵਰਤੋਂ ਨਾਲ ਸਿੰਜਾਈ ਪ੍ਰਬੰਧਨ ਵਿੱਚ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਰੋਜ਼ਮਰ੍ਹਾ ਦੀਆਂ ਖੇਤੀ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਮਿਲੇਗੀ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਾਈਪਲਾਈਨ ਵਿਛਾਉਣ ਦੇ ਕੰਮ ਵਿੱਚ ਗੁਣਵੱਤਾ ਅਤੇ ਤਕਨੀਕੀ ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਦਾ ਲਾਭ ਜਲਦੀ ਮਿਲ ਸਕੇ। 

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਾਈਪਲਾਈਨ ਦੀ ਸੰਭਾਲ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਵਿੱਚ ਸਹਿਯੋਗ ਦੇਣ, ਤਾਂ ਜੋ ਇਹ ਸਹੂਲਤ ਲੰਬੇ ਸਮੇਂ ਤੱਕ ਲਾਭਦਾਇਕ ਸਾਬਤ ਹੋਵੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। 

Leave a Reply

Your email address will not be published. Required fields are marked *