ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

MLA Narinder Kaur Bharaj initiates paddy procurement in Sangrur and Bhawanigarh grain markets

ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ:  ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਉਸ ਦੀ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵੀ ਨਿਰੰਤਰ ਜਾਰੀ ਰੱਖੀ ਜਾਵੇ, ਤਾਂ ਜੋ ਫ਼ਸਲ ਦੇ ਢੇਰ ਲੱਗਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਖਰੀਦ ਪ੍ਰਕਿਰਿਆ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਉਣ।

ਹੋਰ ਖ਼ਬਰਾਂ :-  ਹਰਿਆਣਾ ਵਿੱਚ ਬਾਗਬਾਨੀ ਫ਼ਸਲਾਂ 'ਤੇ ਭਾਰੀ ਸਬਸਿਡੀ

ਵਿਧਾਇਕ ਨੇ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਪਖਾਨਿਆਂ ਸਮੇਤ ਬੁਨਿਆਦੀ ਸਹੂਲਤਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਮੰਡੀਆਂ ਵਿੱਚ ਕੰਮ ਕਰਨ ਵਾਲੇ ਹੋਰ ਵਿਅਕਤੀਆਂ ਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਵਿੱਚ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਸਾਧਨਾਂ ਦੀ ਵਰਤੋਂ ਕਰਨ ਦਾ ਵੀ ਸੱਦਾ ਦਿੱਤਾ।

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਸਹਿਯੋਗ ਨਾਲ ਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਉਹ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖਣਗੇ।

ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਪਰਦੀਪ ਮਿੱਤਲ, ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਤਾਰੀ, ਪਰਦੀਪ ਸਿੰਗਲਾ ਸੰਗਰੂਰ, ਕੌਂਸਲਰ ਕ੍ਰਿਸ਼ਨ ਲਾਲ ਵਿੱਕੀ, ਬੀਟਾ ਪ੍ਰਧਾਨ, ਕੌਂਸਲਰ ਰਾਜ ਨਫਰੀਆ ਅਤੇ ਜੱਗੀ ਘਰਾਚੋ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *