ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਹਰੇੜੀ ਵਿਖੇ 166.98 ਲੱਖ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ

MLA Narinder Kaur Bharaj lays foundation stone of irrigation project worth Rs. 166.98 lakhs in village Haredi

ਸੰਗਰੂਰ, 9 ਅਕਤੂਬਰ:     ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਪਾਣੀ ਦੇ ਬਦਲਵੇਂ ਸਰੋਤ ਵਿਕਸਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰੇੜੀ ਵਿਖੇ ਇੱਕ ਮਹੱਤਵਪੂਰਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਰਾਹੀਂ ਸੰਗਰੂਰ ਦੇ 4 ਐੱਮ.ਐੱਲ.ਡੀ. ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤਾਂ ਤੱਕ ਪਹੁੰਚਾ ਕੇ ਸਿੰਚਾਈ ਲਈ ਵਰਤਿਆ ਜਾਵੇਗਾ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪ੍ਰੋਜੈਕਟ ਦੀ ਉਸਾਰੀ ’ਤੇ ਕੁੱਲ 166.98 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਹ ਸਮੁੱਚੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਕਰੀਬ 121 ਹੈਕਟੇਅਰ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ 52 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।

ਵਿਧਾਇਕ ਨੇ ਕਿਹਾ ਕਿ ਸੋਧੇ ਹੋਏ ਪਾਣੀ ਦੀ ਖੇਤੀਬਾੜੀ ਲਈ ਵਰਤੋਂ ਨਾਲ ਕਿਸਾਨਾਂ ਨੂੰ ਸਿੰਚਾਈ ਦਾ ਇੱਕ ਵਾਧੂ ਸਰੋਤ ਉਪਲਬਧ ਹੋਵੇਗਾ। ਇਸ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧੇ ਦੀ ਸੰਭਾਵਨਾ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਬੱਚਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਹਰ ਬੂੰਦ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਅਨਮੋਲ ਕੁਦਰਤੀ ਸਰੋਤ ਨੂੰ ਸੰਭਾਲਣਾ ਸਾਂਝੀ ਜ਼ਿੰਮੇਵਾਰੀ ਹੈ।

ਹੋਰ ਖ਼ਬਰਾਂ :-  ਅਧਿਆਪਕਾਂ ਦੀ ਤਿੰਨ ਰੋਜ਼ਾ ‘ਸਮਰੱਥਾ-ਆਧਾਰਿਤ ਮੁਲਾਂਕਣ’ ਸਿਖਲਾਈ ਸਫ਼ਲਤਾਪੂਰਵਕ ਸੰਪੰਨ

ਪਿੰਡ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਖੇਤੀ ਲਈ ਵਰਤਣ ਵਾਲੇ ਅਜਿਹੇ ਪ੍ਰੋਜੈਕਟ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ ਕਰਨ ਵਾਲੀਆਂ ਤਕਨੀਕਾਂ ਅਪਣਾਉਣ ਅਤੇ ਸਿੰਚਾਈ ਲਈ ਉਪਲਬਧ ਬਦਲਵੇਂ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਦੇ ਨਾਲ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਪਾਣੀ ਦੀ ਸੰਭਾਲ ਦੇ ਮਕਸਦ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਭੁਪਿੰਦਰ ਨਹਿਲ, ਵਿਕਰਮ ਨਕਟੇ, ਸੁੱਖਾ ਮਾਨ, ਖੁਸ਼ਵਿੰਦਰ ਸਿੰਘ ਚਿੜੀ ਕੋਚ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਅਤੇ ਉਪ ਮੰਡਲ ਪੱਧਰ ਦੇ ਅਧਿਕਾਰੀ, ਭੂਮੀ ਰੱਖਿਆ ਅਫ਼ਸਰ ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਮਨਜੀਤ ਕੌਰ ਸਮੇਤ ਸਮੁੱਚਾ ਸਟਾਫ਼ ਅਤੇ ਕਿਸਾਨ ਹਾਜ਼ਰ ਸਨ। 

Leave a Reply

Your email address will not be published. Required fields are marked *