ਲੁਧਿਆਣਾ ਪੱਛਮੀ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਉਦਯੋਗ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ।

‘ਆਪ’ ਨੇਤਾ ਅਤੇ ਉਦਯੋਗਪਤੀ ਅਰੋੜਾ ਨੇ ਮੰਗਲਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪ ਦਿੱਤਾ , ਜਿਨ੍ਹਾਂ ਨੇ ਇਸਨੂੰ ਸਵੀਕਾਰ ਕਰ ਲਿਆ। ਪਹਿਲੀ ਵਾਰ ਸੰਸਦ ਮੈਂਬਰ ਬਣੇ ਅਰੋੜਾ 10 ਅਪ੍ਰੈਲ, 2022 ਨੂੰ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਨ ਅਤੇ ਉਨ੍ਹਾਂ ਦਾ ਕਾਰਜਕਾਲ 9 ਅਪ੍ਰੈਲ, 2028 ਨੂੰ ਖਤਮ ਹੋਣਾ ਸੀ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *